- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਇਹ ਫਲੈਕਸ ਕੋਈ ਨਿੱਜੀ ਸਿਆਸੀ ਬਿਆਨਬਾਜ਼ੀ ਨਹੀਂ ਹਨ, ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਰੋਸ਼ਨੀ 'ਚ ਪੰਜਾਬ ਦੇ ਲੋਕਾਂ ਤੇ ਸਿੱਖ ਸੰਗਤ ਨੂੰ ਜਾਗਰੂਕ ਕਰਨ ਦਾ ਇੱਕ ਯਤਨ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਤੋਂ ਠੀਕ ਇੱਕ ਦਿਨ ਪਹਿਲਾਂ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਦੌਰੇ ਦਾ ਤਿੱਖਾ ਵਿਰੋਧ ਕਰਦਿਆਂ ਸ਼ਹਿਰ ਦੇ ਇਤਿਹਾਸਿਕ ਗੁਰੂ ਘਰ ਬਾਬਾ ਗਾਂਧਾ ਸਿੰਘ ਵਿਖੇ ਇਕੱਤਰ ਹੁੰਦਿਆਂ ਵੱਡੇ-ਵੱਡੇ ਫਲੈਕਸ ਲਗਾਏ ਗਏ ਹਨ, ਜਿਨ੍ਹਾਂ ’ਤੇ ਲਿਖਿਆ ਹੈ: 'ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼: ਭਗਵੰਤ ਮਾਨ ਗੁਰੂ ਦੋਖੀ ਤੇ ਸਿੱਖ ਪੰਥ ਦਾ ਵਿਰੋਧੀ ਹੈ।' ਇਸ ਘਟਨਾਕ੍ਰਮ ਨੇ ਸਿਆਸੀ ਤੇ ਧਾਰਮਿਕ ਹਲਕਿਆਂ 'ਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
ਮੁੱਖ ਮੁੱਦਾ ਅਤੇ ਅਕਾਲੀ ਦਲ ਦਾ ਪੱਖ
ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਜ਼ਿਲਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਤੇ ਪੰਜਾਬ ਦੇ ਮੀਤ ਪ੍ਰਧਾਨ ਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਤੇ ਬੇਅੰਤ ਸਿੰਘ ਬਾਠ ਆਦਿ ਵੱਲੋਂ ਦੱਸਿਆ ਗਿਆ ਹੈ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਸਮੇਂ ' ਚ ਸਿੱਖ ਸਿਧਾਂਤਾਂ, ਮਰਿਆਦਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਪ੍ਰਤੀ ਅਪਣਾਏ ਰਵੱਈਏ ਦੇ ਵਿਰੋਧ ਵਜੋਂ ਚੁੱਕਿਆ ਗਿਆ ਹੈ।
ਧਾਰਮਿਕ ਆਦੇਸ਼ ਦਾ ਹਵਾਲਾ
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਇਹ ਫਲੈਕਸ ਕੋਈ ਨਿੱਜੀ ਸਿਆਸੀ ਬਿਆਨਬਾਜ਼ੀ ਨਹੀਂ ਹਨ, ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਰੋਸ਼ਨੀ 'ਚ ਪੰਜਾਬ ਦੇ ਲੋਕਾਂ ਤੇ ਸਿੱਖ ਸੰਗਤ ਨੂੰ ਜਾਗਰੂਕ ਕਰਨ ਦਾ ਇੱਕ ਯਤਨ ਹੈ। ਅਕਾਲੀ ਦਲ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਖ਼ੁਦ ਮੁੱਖ ਮੰਤਰੀ ਨੇ ਲਗਾਤਾਰ ਪੰਥਕ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਤੇ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ।
ਬਰਨਾਲਾ ਫੇਰੀ ਤੇ ਸੁਰੱਖਿਆ ਦੇ ਪ੍ਰਬੰਧ
ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ, ਉੱਥੇ ਹੀ ਅਕਾਲੀ ਦਲ ਵੱਲੋਂ ਲਗਾਏ ਗਏ ਇਨ੍ਹਾਂ ਬੋਰਡਾਂ ਨੇ ਪੁਲਿਸ ਤੇ ਖ਼ੁਫ਼ੀਆ ਤੰਤਰ ਨੂੰ ਭਾਜੜਾਂ ਪਾ ਦਿੱਤੀਆਂ ਹਨ। ਜਿਸ ਦੇ ਤਹਿਤਪ੍ਰਸ਼ਾਸਨਿਕ ਨੇ ਹਲਚਲ ਕਰਦਿਆਂ ਖ਼ਬਰਾਂ ਮੁਤਾਬਕ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਮਾਹੌਲ ਨੂੰ ਸ਼ਾਂਤ ਰੱਖਣ ਤੇ ਮੁੱਖ ਮੰਤਰੀ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਸਿਆਸੀ ਪ੍ਰਤੀਕਿਰਿਆਵਾਂ ਤੇਜ਼
ਇਸ ਮਾਮਲੇ 'ਤੇ ਸਿਆਸੀ ਗਲਿਆਰਿਆਂ "ਚ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। 'ਆਪ' ਆਗੂਆਂ ਨੇ ਇਸ ਨੂੰ ਅਕਾਲੀ ਦਲ ਦੀ ਬੌਖਲਾਹਟ ਕਰਾਰ ਦਿੱਤਾ ਹੈ। ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਸਿੰਘ ਮੰਨਾ ਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਤਵਾਜ਼ ਦਾ ਕਹਿਣਾ ਹੈ ਕਿ ਅਕਾਲੀ ਦਲ ਕੋਲ ਕੋਈ ਸਿਆਸੀ ਮੁੱਦਾ ਨਹੀਂ ਬਚਿਆ, ਇਸ ਲਈ ਉਹ ਮੁੱਖ ਮੰਤਰੀ ਦੀ ਲੋਕਪ੍ਰਿਯਤਾ ਤੋਂ ਡਰਦਿਆਂ ਧਰਮ ਦੇ ਨਾਂ 'ਤੇ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸਿਆਸਤ 'ਚ ਸਿਆਸੀ ਤੰਦ
ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਚੋਣਾਂ ਜਾਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਹਲਕਾ ਹਮੇਸ਼ਾ ਹੀ ਸਿਆਸਤ ਦਾ ਕੇਂਦਰ ਰਿਹਾ ਹੈ। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਫੇਰੀ ਮੌਕੇ ਅਜਿਹਾ ਹਮਲਾ ਕਰਨਾ ਸਿੱਖ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਅਤੇ ਸਰਕਾਰ ਨੂੰ ਘੇਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੈ। ਇਸ ਵਿਵਾਦ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਰਨਾਲਾ ਫੇਰੀ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਆਪਣੀ ਰੈਲੀ ਜਾਂ ਸੰਬੋਧਨ ਦੌਰਾਨ ਅਕਾਲੀ ਦਲ ਦੇ ਇਸ ਸਿੱਧੇ ਹਮਲੇ ਦਾ ਕੀ ਜਵਾਬ ਦਿੰਦੇ ਹਨ।