- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ 'ਚ ਨਸ਼ਿਆਂ ਵਿਰੁੱਧ ਹਿੱਕ ਡਾਹ ਕੇ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਪੁਖ਼ਤਾ ਸੁਰੱਖਿਆ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਯਾਦਵਿੰਦਰ ਸਿੰਘ ਭੁੱਲਰ/ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਮਾਨਸਾ 'ਚ ਨਸ਼ਿਆਂ ਵਿਰੁੱਧ ਹਿੱਕ ਡਾਹ ਕੇ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਪੁਖ਼ਤਾ ਸੁਰੱਖਿਆ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਬਰਨਾਲਾ ਡੀਸੀ ਦਫ਼ਤਰ ਅੱਗੇ ਜ਼ੋਰਦਾਰ ਧਰਨਾ ਦਿੱਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੌਂਪਿਆ ਗਿਆ।
ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਾ ਤਸਕਰਾਂ ਤੇ ਸ਼ਰੇਆਮ ਵਿਕਦੇ ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਉਠਾ ਰਿਹਾ ਸੀ। 13 ਅਕਤੂਬਰ 2026 ਨੂੰ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਉਸ ਦੇ ਕਤਲ ਨੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ।
ਡਿਜੀਟਲ ਸਬੂਤ ਸਾਂਭਣ ਤੇ ਸਿਆਸੀ ਪ੍ਰਭਾਵ ਤੋਂ ਉੱਪਰ ਉੱਠ ਕੇ ਜਾਂਚ ਦੀ ਮੰਗ
ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਘਟਨਾ ਪਿੱਛੇ ਖੇਡੀ ਗਈ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਜਾਂਚ ਤੁਰੰਤ ਸੀਬੀਆਈ ਹਵਾਲੇ ਕੀਤੀ ਜਾਵੇ। ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਕਿ ਮ੍ਰਿਤਕ ਦੇ ਬਾਪ ਨੇ ਆਪਣੇ ਬਿਆਨਾਂ ਵਿੱਚ ਸਥਾਨਕ ਵਿਧਾਇਕ ਦਾ ਨਾਂ ਲਿਆ ਹੈ ਅਤੇ ਗਵਾਹਾਂ ਮੁਤਾਬਕ ਹਮਲਾਵਰ ਨੇ ਗੋਲੀ ਚਲਾਉਣ ਤੋਂ ਐਨ ਪਹਿਲਾਂ ਫ਼ੋਨ 'ਤੇ ਕਿਸੇ ਨਾਲ ਗੱਲ ਕੀਤੀ ਸੀ। ਨੀਟਾ ਨੇ ਕਿਹਾ ਕਿ ਇਨ੍ਹਾਂ ਗੰਭੀਰ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਦਾ ਸਿਆਸੀ ਰਸੂਖ ਜਾਂ ਪਹੁੰਚ ਜਾਂਚ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ।
ਇਸ ਤੋਂ ਇਲਾਵਾ, ਮੰਗ ਪੱਤਰ 'ਚ ਘਟਨਾ ਨਾਲ ਜੁੜੇ ਕਾਲ ਰਿਕਾਰਡ, ਵਟਸਐਪ ਸੁਨੇਹੇ, ਸੀਸੀਟੀਵੀ ਫੁਟੇਜ, ਫੇਸਬੁੱਕ ਲਾਈਵ ਅਤੇ ਹੋਰ ਡਿਜੀਟਲ ਸਬੂਤ ਸੁਰੱਖਿਅਤ ਰੱਖਣ ਲਈ ਕਿਹਾ ਗਿਆ। ਨਾਲ ਹੀ ਪਰਿਵਾਰ ਤੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਲਈ ਪੁਲਿਸ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।
ਨਸ਼ਾ ਤਸਕਰਾਂ ਦੇ ਜਾਲ ਦੀ ਹੋਵੇ ਛਾਣਬੀਣ : ਨੀਟਾ
ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਅੰਦਰ ਫੈਲੇ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਨੂੰ ਮਿਲ ਰਹੀ ਸਰਕਾਰੀ ਜਾਂ ਸਿਆਸੀ ਸਰਪ੍ਰਸਤੀ ਦੀ ਡੂੰਘੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ। ਜਿਹੜਾ ਵੀ ਬੰਦਾ ਇਸ ਗੁਨਾਹ ਜਾਂ ਸਾਜ਼ਿਸ਼ ਵਿੱਚ ਸ਼ਾਮਲ ਨਿਕਲੇ, ਉਸ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗਵਰਨਰ ਸਾਹਿਬ ਤੋਂ ਮੰਗ ਕੀਤੀ ਕਿ ਉਹ ਖ਼ੁਦ ਮਾਮਲੇ ਵਿੱਚ ਦਖ਼ਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਕੜੇ ਨਿਰਦੇਸ਼ ਜਾਰੀ ਕਰਨ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਧਨੌਲਾ, ਗੁਰਜਿੰਦਰ ਸਿੰਘ ਸਿੱਧੂ, ਮੱਖਣ ਧਨੌਲਾ ਸਮੇਤ ਵੱਡੀ ਗਿਣਤੀ 'ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।