- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੇ ਬੱਸ ਸਟੈਂਡ ਨੇੜੇ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਗੱਭਰੂ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਦੇ ਬੱਸ ਸਟੈਂਡ ਨੇੜੇ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਗੱਭਰੂ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਸਕਰਨ ਸਿੰਘ ਸੰਧੂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਅਗਲੀ ਤਫਤੀਸ਼ ਆਰੰਭ ਦਿੱਤੀ ਹੈ।
ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਖਦਸ਼ਾ
ਮੌਕੇ 'ਤੇ ਪਹੁੰਚੇ ਬਰਨਾਲਾ ਵਿਧਾਇਕ ਦੇ ਪੁੱਤਰ ਤੇ ਯੂਥ ਕਾਂਗਰਸ ਦੇ ਆਗੂ ਨੇ ਖਦਸ਼ਾ ਪ੍ਰਗਟਾਇਆ ਕਿ ਹਾਲਾਤ ਵੇਖ ਕੇ ਲੱਗਦਾ ਹੈ ਜਿਵੇਂ ਨੌਜਵਾਨ ਦੀ ਜਾਨ ਨਸ਼ੇ ਦੀ ਓਵਰਡੋਜ਼ ਕਾਰਨ ਗਈ ਹੋਵੇ। ਉਹਨਾਂ ਆਖਿਆ ਕਿ ਬਾਕੀ ਅਸਲ ਸੱਚਾਈ ਤਾਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਇੱਥੋਂ ਪਹਿਲਾਂ ਵੀ ਮਿਲ ਚੁੱਕੀਆਂ ਨੇ ਲਾਸ਼ਾਂ
ਮੌਕੇ ਤੇ ਹਾਜ਼ਰ ਲੋਕਾਂ ਨੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸੇ ਖਾਲੀ ਪਲਾਟ ਵਿੱਚੋਂ ਕਈ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਪਹਿਲਾਂ ਹੋਈਆਂ ਮੌਤਾਂ ਵਿੱਚ ਵੀ ਨਸ਼ੇ ਦੀ ਓਵਰਡੋਜ਼ ਨੂੰ ਹੀ ਮੁੱਖ ਕਾਰਨ ਮੰਨਿਆ ਗਿਆ ਸੀ।
ਖਾਲੀ ਪਲਾਟ ਬਣੇ ਨਸ਼ੇੜੀਆਂ ਦੇ ਅੱਡੇ
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਬਿਨਾਂ ਸੰਭਾਲ ਪਏ ਖਾਲੀ ਪਲਾਟ ਨਸ਼ੇੜੀਆਂ ਲਈ ਸੁਰੱਖਿਅਤ ਢਾਣੀਆਂ ਤੇ ਅੱਡੇ ਬਣ ਚੁੱਕੇ ਹਨ। ਸਫ਼ਾਈ ਅਤੇ ਨਿਗਰਾਨੀ ਨਾ ਹੋਣ ਕਰਕੇ ਨਸ਼ਾ ਕਰਨ ਵਾਲੇ ਬੇਖੌਫ਼ ਇੱਥੇ ਆ ਕੇ ਬੈਠਦੇ ਹਨ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਪਲਾਟਾਂ ਦੀ ਛੇਤੀ ਤੋਂ ਛੇਤੀ ਸਫ਼ਾਈ ਕਰਵਾਈ ਜਾਵੇ।
ਸ਼ਨਾਖਤ ਲਈ 72 ਘੰਟਿਆਂ ਵਾਸਤੇ ਹਸਪਤਾਲ ਰਖਵਾਈ ਦੇਹ
ਬੱਸ ਸਟੈਂਡ ਚੌਂਕੀ ਦੇ ਇੰਚਾਰਜ ਏਐੱਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਬਰਨਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।