- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਨਗਰ ਕੌਂਸਲ ਧਨੌਲਾ ਦੇ ਵਿਕਾਸ ਕਾਰਜ ਇਸ ਵੇਲੇ ਪੂਰੇ ਸ਼ਿਖਰਾਂ 'ਤੇ ਹਨ। ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ 13 ਦੇ 13 ਵਾਰਡਾਂ ਵਿੱਚ ਨਵੀਂ ਦਿੱਖ ਦੇਣ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਨਗਰ ਕੌਂਸਲ ਧਨੌਲਾ ਦੇ ਵਿਕਾਸ ਕਾਰਜ ਇਸ ਵੇਲੇ ਪੂਰੇ ਸ਼ਿਖਰਾਂ 'ਤੇ ਹਨ। ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ 13 ਦੇ 13 ਵਾਰਡਾਂ ਵਿੱਚ ਨਵੀਂ ਦਿੱਖ ਦੇਣ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ। ਹਾਲ ਹੀ ਵਿੱਚ 30 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਮਿਲਣ ਨਾਲ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਮਿਲੀ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਧਨੌਲਾ ਸ਼ਹਿਰ ਦੀ ਕਾਇਆ ਕਲਪ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਕਰੋੜ 48 ਲੱਖ ਰੁਪਏ ਦੀ ਵੱਡੀ ਗਰਾਂਟ ਜਾਰੀ ਕਰਕੇ ਇੱਕ ਵੱਡਾ ਹੰਭਲਾ ਮਾਰਿਆ ਗਿਆ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਉਚੇਚੇ ਯਤਨਾਂ ਨਾਲ 4.50 ਕਰੋੜ ਰੁਪਏ ਦੀਆਂ ਹੋਰ ਗਰਾਂਟਾਂ ਧਨੌਲਾ ਨਗਰ ਕੌਂਸਲ ਨੂੰ ਮਿਲੀਆਂ ਹਨ, ਜਿਨ੍ਹਾਂ ਨਾਲ ਸ਼ਹਿਰ ਦਾ ਨਕਸ਼ਾ ਹੀ ਬਦਲ ਗਿਆ ਹੈ। ਪ੍ਰਧਾਨ ਧਰਮਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਐਮ.ਪੀ. ਮੀਤ ਹੇਅਰ ਦੀ ਅਗਵਾਈ ਹੇਠ 3 ਕਰੋੜ 75 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਲਿਆ ਕੇ ਧਨੌਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ।
ਇਸਦੇ ਨਾਲ ਹੀ ਮੈਂਬਰ ਪਾਰਲੀਮੈਂਟ ਲੈਂਡ ਫੰਡ ਅਧੀਨ 3 ਕਰੋੜ ਰੁਪਏ ਹੋਰ ਨਗਰ ਕੌਂਸਲ ਧਨੌਲਾ ਦੇ ਵਿਕਾਸ ਲਈ ਪ੍ਰਾਪਤ ਹੋਏ ਹਨ। ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੁੱਕ ਵਾਲੀਆਂ ਪੱਕੀਆਂ ਸੜਕਾਂ ਅਤੇ ਇੰਟਰਲਾਕ ਟਾਈਲਾਂ ਲਾਈਆਂ ਜਾ ਰਹੀਆਂ ਹਨ। ਸ਼ਹਿਰ ਦੀ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਐਸ.ਟੀ.ਪੀ. ਪਲਾਂਟ ਮਨਜ਼ੂਰ ਕਰਵਾ ਕੇ ਉਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਧਨੌਲਾ ਨੂੰ ਆਸ-ਪਾਸ ਦੇ ਪਿੰਡਾਂ ਨਾਲ ਜੋੜਨ ਵਾਲੀਆਂ ਮੁੱਖ ਸੜਕਾਂ ਅਤੇ ਪਿੰਡ ਦੀ ਫਿਰਨੀ ਨੂੰ ਪੂਰੀ ਤਰ੍ਹਾਂ ਪੱਕਾ ਕਰ ਦਿੱਤਾ ਗਿਆ ਹੈ।
ਨਗਰ ਕੌਂਸਲ ਦੇ ਪ੍ਰਧਾਨ ਧਰਮਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਨਗਰ ਕੌਂਸਲ ਧਨੌਲਾ ਅੱਜ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਦੌੜ ਰਿਹਾ ਹੈ।