- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਨੌਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਛੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਨੌਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਛੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 305 ਨਸ਼ੀਲੀਆਂ ਗੋਲੀਆਂ, ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀ ਦੀ ਭਾਲ ਤੇ ਚੋਰੀ ਦੇ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਲਿੰਕ ਸੜਕ ’ਤੇ ਬੈਠੇ ਦੋ ਨੌਜਵਾਨਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ
ਜਾਣਕਾਰੀ ਅਨੁਸਾਰ 12 ਅਕਤੂਬਰ ਨੂੰ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਧਨੌਲਾ-ਭੀਖੀ ਮੁੱਖ ਸੜਕ ਤੋਂ ਪਿੰਡ ਭੁਰੇ ਵੱਲ ਜਾਂਦੀ ਲਿੰਕ ਸੜਕ ’ਤੇ ਇੱਕ ਬਰੋਟੇ ਦੇ ਦਰੱਖਤ ਹੇਠਾਂ ਬਣੇ ਸੀਮਿੰਟ ਦੇ ਥੜ੍ਹੇ ’ਤੇ ਬੈਠੇ ਦੋ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਸੁਖਚੈਨ ਸਿੰਘ ਉਰਫ਼ ਭੂਸ਼ਣ ਪੁੱਤਰ ਪਰਗਟ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਬੇਅੰਤ ਸਿੰਘ, ਦੋਵੇਂ ਵਾਸੀ ਭੁਰੇ, ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਦਰਸ਼ਨ ਸਿੰਘ ਵਾਸੀ ਭੁਰੇ ਦਾ ਨਾਂ ਵੀ ਸਾਹਮਣੇ ਆਇਆ ਹੈ। ਉਸ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਦਕਿ ਉਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਮੁਤਾਬਕ, ਉਹ ਕਥਿਤ ਤੌਰ ’ਤੇ ਮੁਲਜ਼ਮਾਂ ਨੂੰ ਨਸ਼ਾ ਸਪਲਾਈ ਕਰਦਾ ਸੀ।
ਸਵਿਫਟ ਕਾਰ ਵਿੱਚੋਂ 235 ਨਸ਼ੀਲੀਆਂ ਗੋਲੀਆਂ ਮਿਲੀਆਂ
ਇੱਕ ਹੋਰ ਕਾਰਵਾਈ ਦੌਰਾਨ 12 ਅਕਤੂਬਰ ਨੂੰ ਪੁਲਿਸ ਪਾਰਟੀ ਟੀ-ਪੁਆਇੰਟ ਭੀਖੀ ਰੋਡ, ਧਨੌਲਾ ਵਿਖੇ ਨਾਕਾਬੰਦੀ ਕਰ ਰਹੀ ਸੀ। ਇਸ ਦੌਰਾਨ ਚਿੱਟੇ ਰੰਗ ਦੀ ਸਵਿਫਟ ਕਾਰ ਨੰਬਰ ਪੀਬੀ 13 ਬੀਕਿਊ 9874 ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ। ਕਾਰ ਵਿੱਚ ਦੋ ਨੌਜਵਾਨ ਸਵਾਰ ਸਨ ਅਤੇ ਜਾਂਚ ਦੌਰਾਨ 235 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਹਰਭਜਨ ਸਿੰਘ ਉਰਫ਼ ਖੁਸ਼ੀ ਪੁੱਤਰ ਸੇਵਾ ਸਿੰਘ ਅਤੇ ਅਮਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁਬੇਗ ਸਿੰਘ, ਦੋਵੇਂ ਵਾਸੀ ਤਕੀਪੁਰ, ਜ਼ਿਲ੍ਹਾ ਸੰਗਰੂਰ, ਨੂੰ ਮੁਲਜ਼ਮ ਨਾਮਜ਼ਦ ਕੀਤਾ ਹੈ। ਇਸ ਸਬੰਧੀ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਸਰੋਤ ਦਾ ਪਤਾ ਲਗਾਇਆ ਜਾ ਸਕੇ।
ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਦੋ ਮੁਲਜ਼ਮ ਕਾਬੂ
ਤੀਜੇ ਮਾਮਲੇ ਵਿੱਚ ਪਿੰਡ ਬਡਬਰ ਦੀ ਮਲਕਾਣੀ ਪੱਤੀ ਦੇ ਰਹਿਣ ਵਾਲੇ ਲਛਮਣ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ 26 ਸਤੰਬਰ ਨੂੰ ਕੰਮ ਦੇ ਸਿਲਸਿਲੇ ਵਿੱਚ ਰਜਵਾੜੇ ਢਾਬੇ ’ਤੇ ਗਿਆ ਸੀ। ਉੱਥੇ ਉਸ ਨੇ ਆਪਣਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ 19 ਐੱਸ 1264 ਖੜ੍ਹਾ ਕੀਤਾ ਸੀ, ਜੋ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਿਆ ਗਿਆ। ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਮਰਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਦੁੱਲਟ ਪੱਤੀ, ਲੌਂਗੋਵਾਲ ਅਤੇ ਸੰਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਰੰਧਾਵਾ ਪੱਤੀ, ਲੌਂਗੋਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰੀ ਐੱਚਐੱਫ ਡੀਲਕਸ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਨ੍ਹਾਂ ਕੋਲੋਂ ਹੋਰ ਚੋਰੀਸ਼ੁਦਾ ਸਾਮਾਨ ਬਰਾਮਦ ਹੋਣ ਦੀ ਉਮੀਦ ਹੈ।
ਨਸ਼ਾ ਵੇਚਣ ਵਾਲਿਆਂ ਨੂੰ ਐੱਸਐੱਸਪੀ ਦੀ ਸਖ਼ਤ ਚਿਤਾਵਨੀ
ਜ਼ਿਲ੍ਹਾ ਪੁਲਿਸ ਮੁਖੀ ਆਈਪੀਐਸ ਮੁਹੰਮਦ ਸਰਫ਼ਰਾਜ ਆਲਮ ਨੇ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਗਤੀਵਿਧੀਆਂ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਉਹ ਜ਼ਿਲਾ ਬਰਨਾਲਾ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜਿੱਥੇ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ਕੀਤੇ ਅੱਡਿਆਂ ਤੇ ਛਾਪਾਮਾਰੀ ਕਰ ਰਹੇ ਹਨ ਉੱਥੇ ਹੀ ਵਿਸ਼ੇਸ਼ ਟੀਮਾਂ ਇਹਨਾਂ ਦੀ ਪੈੜ ਦੱਬ ਇਹਨਾਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਬੰਦ ਕਰ ਦੇਣਗੀਆਂ।