- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਨਜਾਇਜ਼ ਅਸਲੇ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਨਜਾਇਜ਼ ਅਸਲੇ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਹਨ।
ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ (ਰਾਸ਼ਟਰਪਤੀ ਮੈਡਲ ਜੇਤੂ) ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰ ਗਤੀਵਿਧੀਆਂ ਤੇ ਨਜਾਇਜ਼ ਹਥਿਆਰਾਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਮਿਲੀ ਪੁਖ਼ਤਾ ਇਤਲਾਹ 'ਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਬਰਨਾਲਾ-ਹੰਡਿਆਇਆ ਰੋਡ ਅਤੇ ਗਰਚਾ ਰੋਡ ਨੇੜੇ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ PB 19 X 3121 ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ ਨਜਾਇਜ਼ ਅਸਲਾ ਬਰਾਮਦ ਹੋਇਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਸੰਜੂ ਤੇ ਮਨਪ੍ਰੀਤ ਸਿੰਘ (ਦੋਵੇਂ ਸਕੇ ਭਰਾ) ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ ਤੇ ਸ਼ੌਂਕੀ ਸਿੰਘ ਵਾਸੀ ਦਲੇਲਵਾਲਾ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਇੱਕ ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ : ਬਲਜੀਤ ਸਿੰਘ
ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 32 ਬੋਰ ਦਾ ਇੱਕ ਦੇਸੀ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਬਰਨਾਲਾ ਸਟਾਫ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਤੇ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਸੀ।