- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਪੁਲਿਸ ਵੱਲੋਂ ਸੈਂਸੀ ਬਸਤੀ ’ਚ ਸਪੈਸ਼ਲ ਚੈਕਿੰਗ ਤੇ ਤਲਾਸ਼ੀ ਮੁਹਿੰਮ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ
ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸਾ ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਦੇ 10 ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।
: ਤਲਾਸੀ ਅਭਿਆਨ ’ਚ 155 ਪੁਲਿਸ ਅਧਿਕਾਰੀ ਤੇ ਕਰਮਚਾਰੀਆਂ ਨੇ ਹਿੱਸਾ
ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ’ਚ 155 ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ। ਮੁਹਿੰਮ ਦੌਰਾਨ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।
: 13 ਖਿਲਾਫ਼ ਮੁਕੱਦਮੇ ਦਰਜ, 22 ਕਾਬੂ
ਜਾਣਕਾਰੀ ਅਨੁਸਾਰ ਅਪਰਾਧਾਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਦੌਰਾਨ ਪੁਲਿਸ ਵਲੋਂ 13 ਮੁਕੱਦਮੇ ਦਰਜ ਕੀਤੇ ਹਨ। ਇਸ ਤੋਂ ਇਲਾਵਾ ਐਨਡੀਪੀਐਸ ਐਕਟ ਤਹਿਤ 22 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਪੁਲਿਸ ਨੇ 48 ਗ੍ਰਾਮ ਹੈਰੋਇਨ, 332 ਨਸ਼ੀਲੀਆਂ ਗੋਲੀਆਂ ਅਤੇ 250 ਲੀਟਰ ਲਾਹਣ ਬਰਾਮਦ ਕੀਤੀ। ਇਸ ਤੋਂ ਇਲਾਵਾ ਬਿਨਾਂ ਲਾਇਸੈਂਸ ਰੱਖੀਆਂ ਗਈਆਂ 450 ਬੋਤਲਾਂ ਗੁਲੂਕੋਜ਼ ਵੀ ਬਰਾਮਦ ਕੀਤੀਆਂ ਗਈਆਂ ਹਨ।
: ਪਿੰਡਾਂ ’ਚ ਵੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਐਸਐਸਪੀ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਪਿੰਡਾਂ ਵਿੱਚ ਬਣਾਈਆਂ ਗਈਆਂ ਵੀਡੀਸੀ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।