- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਪੁਲਿਸ ਨੇ ਸੁੰਨਸਾਨ ਖਾਲੀ ਪਲਾਟਾਂ ’ਚ ਜੇਸੀਬੀ ਮਸ਼ੀਨਾਂ ਨਾਲ ਕਰਵਾਈ ਸਫ਼ਾਈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਸ਼ਹਿਰ ’ਚ ਵੀ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ੇੜੀਆਂ ਦੇ ਲੁਕਣ ਅਤੇ ਬੈਠਣ ਦੇ ਟਿਕਾਣਿਆਂ ਨੂੰ ਖ਼ਤਮ ਕਰਨ ਲਈ ਸ਼ਹਿਰ ਦੇ ਖਾਲੀ ਪਏ ਪਲਾਟਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਨਗਰ ਨਿਗਮ ਬਰਨਾਲਾ ਦੇ ਸਹਿਯੋਗ ਨਾਲ ਪੁਲਿਸ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਵਿਕਾਸ ਚੌਕ ਤੋਂ ਬੱਸ ਸਟੈਂਡ ਰੋਡ ਤੱਕ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਂਕੀ ਇੰਚਾਰਜ਼ ਏਐਸਆਈ ਗੁਰਸਿਰਮਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਾਲੀ ਅਤੇ ਗੰਦਗੀ ਨਾਲ ਭਰੇ ਪਲਾਟਾਂ ’ਚ ਨਸ਼ਾ ਕਰਨ ਵਾਲੇ ਲੋਕ ਲੁਕ ਕੇ ਬੈਠਦੇ ਸਨ। ਇਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਹੱਲ ਲਈ ਪਹਿਲਾਂ ਵੀ ਵਿਕਾਸ ਚੌਕ ਤੋਂ ਬੱਸ ਸਟੈਂਡ ਰੋਡ ਤੱਕ ਕਈ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ। ਅੱਜ ਇੱਕ ਵੱਡੇ ਪਲਾਟ ਸਮੇਤ ਹੋਰ ਖਾਲੀ ਥਾਵਾਂ ’ਤੇ ਜੇਸੀਬੀ ਮਸ਼ੀਨ ਚਲਾ ਕੇ ਸਫ਼ਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਨੂੰ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਵੀ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਪੁਲਿਸ ਦੀ ਸਖ਼ਤੀ ਕਾਰਨ ਕਈ ਸਮਾਜ ਵਿਰੋਧੀ ਅਨਸਰ ਸ਼ਹਿਰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਵਾਨੀ ਅਤੇ ਜ਼ਿੰਦਗੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦਾ ਰਾਹ ਛੱਡ ਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਹੋਣ।