ਬਰਨਾਲਾ ਪੁਲਿਸ ਹੁਣ ਕਸੇਗੀ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਬਰਨਾਲਾ ਪੁਲਿਸ ਹੁਣ ਕਸੇਗੀ ਨਸ਼ਾ ਤਸਕਰਾਂ ’ਤੇ ਸ਼ਿਕੰਜਾ
Publish Date: Fri, 23 Oct 2026 06:56 PM (IST)
Updated Date: Fri, 23 Oct 2026 06:58 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਸ਼ਹਿਰ ’ਚ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖ਼ਤਮ ਕਰਨ ਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦੇ ਉਦੇਸ਼ ਨਾਲ ਤੰਗ ਸੈਂਸੀ ਬਸਤੀ ਦੇ ਮੁੱਖ ਰਸਤੇ ’ਤੇ ਲੋਹੇ ਦਾ ਮਜ਼ਬੂਤ ਗੇਟ ਲਗਾਇਆ ਗਿਆ ਹੈ। ਇਸ ਰਾਹੀਂ ਬਸਤੀ ਵਿੱਚ ਆਉਣ-ਜਾਣ ਵਾਲੇ ਲੋਕਾਂ ਤੇ ਵਾਹਨਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇਗੀ। : ਆਉਣ-ਜਾਣ ਵਾਲੇ ਲੋਕਾਂ ਤੇ ਵਾਹਨਾਂ ਦੀ ਹੋਵੇਗੀ ਜਾਂਚ ਜਾਣਕਾਰੀ ਅਨੁਸਾਰ ਬਸਤੀ ਦੇ ਮੁੱਖ ਰਸਤੇ ’ਤੇ ਗੇਟ ਲੱਗਣ ਤੋਂ ਬਾਅਦ ਉੱਥੋਂ ਲੰਘਣ ਵਾਲੇ ਸ਼ੱਕੀ ਵਿਅਕਤੀਆਂ ਤੇ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਦਾ ਮੁੱਖ ਉਦੇਸ਼ ਬਾਹਰੋਂ ਨਸ਼ਾ ਖ਼ਰੀਦਣ ਲਈ ਆਉਣ ਵਾਲੇ ਲੋਕਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਹੈ। ਇਸ ਮੁਹਿੰਮ ’ਚ ਸਥਾਨਕ ਵਸਨੀਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ, ਤਾਂ ਜੋ ਇਲਾਕੇ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲਗਾਈ ਜਾ ਸਕੇ। : 24 ਘੰਟੇ ਨਿਗਰਾਨੀ ਰੱਖਣ ਦੀ ਤਿਆਰੀ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਤਹਿਤ ਇਲਾਕੇ ’ਚ ਸ਼ੱਕੀ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਪੁਲਿਸ ਦਾ ਟੀਚਾ ਬਸਤੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤ ਕਰਨਾ ਅਤੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਹੈ। ------ ਨਸ਼ੇ ਦੇ ਸ਼ੱਕੀ ਇਲਾਕਿਆਂ ’ਤੇ ਪੁਲਿਸ ਦੀ ਤਿੱਖੀ ਨਜ਼ਰ, ਹੁਣ ਕੋਈ ਨਸ਼ਾ ਤਸਕਰ ਨਹੀਂ ਬਚੇਗਾ : ਐੱਸਐੱਸਪੀ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਨਸ਼ੇ ਦੇ ਸ਼ੱਕੀ ਇਲਾਕਿਆਂ ਵਿੱਚ ਪੁਲਿਸ ਵੱਲੋਂ ਨਿਗਰਾਨੀ ਵਧਾਈ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ। ਪੁਲਿਸ ਦੀ ਇਸ ਰਣਨੀਤੀ ਦਾ ਮੁੱਖ ਮਕਸਦ ਬਸਤੀ ’ਚ ਨਸ਼ਾ ਖ਼ਰੀਦਣ ਲਈ ਆਉਣ ਵਾਲੇ ਬਾਹਰੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਸ਼ੱਕੀ ਇਲਾਕਿਆਂ ਵਿੱਚ ਨਿਗਰਾਨੀ ਵਧਾਉਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾਵੇਗੀ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਥਾਨਕ ਵਸਨੀਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਤਸਕਰੀ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਬਰਨਾਲਾ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਸਫ਼ਲ ਕੀਤਾ ਜਾ ਸਕੇ।