
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਤੇ ਪ੍ਰਸਿੱਧ ਪੰਜਾਬੀ ਗਾਇਕ ਬਾਬਾ ਬੇਲੀ ਨੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕਰ ਲਈ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਤੇ ਪ੍ਰਸਿੱਧ ਪੰਜਾਬੀ ਗਾਇਕ ਬਾਬਾ ਬੇਲੀ ਨੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕਰ ਲਈ ਹੈ। ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੋਵਾਂ ਆਗੂਆਂ ਨੂੰ ਜੀ ਆਇਆਂ ਨੂੰ ਆਖਦਿਆਂ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਆਪ ਤੋਂ ਬਗ਼ਾਵਤ ਅਤੇ ਆਜ਼ਾਦ ਚੋਣ ਲੜਨ ਦਾ ਪਿਛੋਕੜ
ਗੁਰਦੀਪ ਸਿੰਘ ਬਾਠ ਲੰਮੇ ਸਮੇਂ ਤੋਂ ਜ਼ਿਲ੍ਹਾ ਬਰਨਾਲਾ ਦੀ ਰਾਜਨੀਤੀ ਵਿੱਚ ਸਰਗਰਮ ਇੱਕ ਨੌਜਵਾਨ ਚਿਹਰਾ ਹਨ। ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਣੀ ਚੋਣ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ ਸੀ, ਪਰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਨੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਅਤੇ ਜ਼ਿਲ੍ਹਾ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ। ਇਸ ਚੋਣ ਵਿੱਚ ਉਨ੍ਹਾਂ ਨੂੰ ਕਰੀਬ 18 ਹਜ਼ਾਰ ਵੋਟਾਂ ਮਿਲੀਆਂ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ।
ਹੋਰਨਾਂ ਪਾਰਟੀਆਂ ਨਾਲ ਤਾਲਮੇਲ ਨਾ ਬੈਠਣ ਦੇ ਕਾਰਨ
ਜ਼ਿਮਣੀ ਚੋਣ ਤੋਂ ਬਾਅਦ ਚਰਚਾਵਾਂ ਸਨ ਕਿ ਗੁਰਦੀਪ ਬਾਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਜਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਗੁਰਦੀਪ ਬਾਠ ਦੀ ਮੰਗ ਸੀ ਕਿ ਜਿਹੜੀ ਵੀ ਪਾਰਟੀ ਵਿੱਚ ਉਹ ਜਾਣਗੇ, ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਨਾਲ ਹੀ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਅਤੇ ਚੋਣ ਟਿਕਟ ਦੀ ਸਪੱਸ਼ਟਤਾ ਦਿੱਤੀ ਜਾਵੇ। ਮੰਨਿਆ ਜਾ ਰਿਹਾ ਹੈ ਕਿ ਇਸੇ ਸ਼ਰਤ ਕਾਰਨ ਬਾਕੀ ਧਿਰਾਂ ਨਾਲ ਉਨ੍ਹਾਂ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।
ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਆਵਾਜ਼ ਬੁਲੰਦ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹੱਕੀ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਸੁਚੱਜੇ ਭਵਿੱਖ ਅਤੇ ਪੰਥਕ ਚੜ੍ਹਦੀ ਕਲਾ ਲਈ ਇੱਕ ਵਾਰ 'ਵਾਰਿਸ ਪੰਜਾਬ ਦੇ' ਧਿਰ ਨੂੰ ਜ਼ਰੂਰ ਮੌਕਾ ਦੇਣ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਗੁਰਦੀਪ ਸਿੰਘ ਬਾਠ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਗਾਇਕ ਬਾਬਾ ਬੇਲੀ ਨੇ ਵੀ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਪੰਜਾਬ ਦੀ ਸੇਵਾ ਲਈ ਸਮਰਪਿਤ ਰਹਿਣ ਦਾ ਅਹਿਦ ਲਿਆ।