- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੇਖਾ ਦੀ ਦਾਓਕੀ ਪੱਤੀ ਦੇ ਵਸਨੀਕ ਲੋਕ ਨਿਰਮਾਣ ਵਿਭਾਗ ਦੀ ਕਥਿਤ ਲਾਪਰਵਾਹੀ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ ’ਚ ਹੋਈ ਬਾਰਿਸ਼ ਕਾਰਨ ਮੁਹੱਲੇ ਦੀਆਂ ਗਲੀਆਂ ’ਚ ਕਈ-ਕਈ ਫੁੱਟ ਪਾਣੀ ਭਰ ਗਿਆ ਤੇ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਗਿਆ।

ਯਾਦਵਿੰਦਰ ਸਿੰਘ ਭੁੱਲਰ/ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਸੇਖਾ ਦੀ ਦਾਓਕੀ ਪੱਤੀ ਦੇ ਵਸਨੀਕ ਲੋਕ ਨਿਰਮਾਣ ਵਿਭਾਗ ਦੀ ਕਥਿਤ ਲਾਪਰਵਾਹੀ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ ’ਚ ਹੋਈ ਬਾਰਿਸ਼ ਕਾਰਨ ਮੁਹੱਲੇ ਦੀਆਂ ਗਲੀਆਂ ’ਚ ਕਈ-ਕਈ ਫੁੱਟ ਪਾਣੀ ਭਰ ਗਿਆ ਤੇ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਗਿਆ। ਇਸ ਕਾਰਨ ਘਰੇਲੂ ਸਾਮਾਨ ਦਾ ਨੁਕਸਾਨ ਹੋਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਘਰਾਂ ’ਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ। ਮੁਹੱਲਾ ਵਾਸੀਆਂ ਨੇ ਸਬੰਧਤ ਵਿਭਾਗ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਜ਼ਾਹਰ ਕੀਤਾ ਹੈ।
ਸੜਕ ਦਾ ਪੱਧਰ ਉੱਚਾ ਚੁੱਕ ਤੇ ਕੰਮ ਅਧੂਰਾ ਛੱਡਿਆ
ਇਸ ਮੌਕੇ ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਚਰਨ ਸਿੰਘ, ਸੁਰਜੀਤ ਕੌਰ, ਸਰਬਜੀਤ ਰਾਮ, ਸੁਖਪਾਲ ਕੌਰ, ਜਸਪਾਲ ਕੌਰ, ਪਾਲੋ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਪਰਮਜੀਤ ਕੌਰ ਤੇ ਰਾਜਬੀਰ ਕੌਰ ਆਦਿ ਮੁਹੱਲਾ ਵਾਸੀਆਂ ਨੇ ਕਿਹਾ ਕਿ ਪੀਡਬਲਯੂਡੀ ਵੱਲੋਂ ਸੇਖਾ ਤੋਂ ਕਰਮਗੜ੍ਹ ਤੇ ਸ਼ੈਲੋ ਪਲਾਟ ਰੋਡ ’ਤੇ ਸੜਕ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਰਾਣੀ ਸੜਕ ਦੀ ਪਰਤ ਹਟਾਏ ਬਿਨਾਂ ਹੀ ਨਵੀਂ ਸੜਕ ਦਾ ਪੱਧਰ ਖੇਤਾਂ ਤੇ ਘਰਾਂ ਨਾਲੋਂ ਕਾਫ਼ੀ ਉੱਚਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸੜਕ ਦਾ ਕੰਮ ਮੁਕੰਮਲ ਕਰਨ ਦੀ ਬਜਾਏ ਵਿਚਕਾਰ ਹੀ ਰੋੜੇ ਖਿਲਾਰ ਕੇ ਛੱਡ ਦਿੱਤੇ ਗਏ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਕਾਰਨ ਘਰਾਂ ਨੂੰ ਖ਼ਤਰਾ
ਵਸਨੀਕਾਂ ਅਨੁਸਾਰ ਸੜਕ ਦਾ ਪੱਧਰ ਉੱਚਾ ਹੋਣ ਤੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਗਈ ਹੈ। ਬਾਰਿਸ਼ ਹੋਣ ’ਤੇ ਪਾਣੀ ਗਲੀਆਂ ’ਚ ਇਕੱਠਾ ਹੋ ਕੇ ਘਰਾਂ ਵੱਲ ਮੁੜ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਇਸ ਸਮੱਸਿਆ ਕਾਰਨ ਬੱਚਿਆਂ, ਬਜ਼ੁਰਗਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਆਉਣ-ਜਾਣ ’ਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਤੇ ਐਕਸੀਅਨ ਨੂੰ ਮੰਗ-ਪੱਤਰ ਦੇਣ ਦੇ ਬਾਵਜੂਦ ਕਾਰਵਾਈ ਨਹੀਂ
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਸ ਗੰਭੀਰ ਸਮੱਸਿਆ ਸਬੰਧੀ 6 ਸਤੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਕਸੀਅਨ ਪੀਡਬਲਯੂਡੀ ਨੂੰ ਈਮੇਲ ਰਾਹੀਂ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 7 ਸਤੰਬਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਤੇ ਐਕਸੀਅਨ ਪੀਡਬਲਯੂਡੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਲੋਕਾਂ ’ਚ ਨਿਰਾਸ਼ਾ ਤੇ ਰੋਸ ਪਾਇਆ ਜਾ ਰਿਹਾ ਹੈ।
ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਬਾਅਦ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਐਕਸੀਅਨ ਤੇ ਐੱਸਡੀਈ ਪੀਡਬਲਯੂਡੀ ਨਾਲ ਦੁਬਾਰਾ ਮੁਲਾਕਾਤ ਕੀਤੀ ਗਈ ਤੇ ਸਮੱਸਿਆ ਦਾ ਹੱਲ ਕਰਨ ਦੀ ਮੰਗ ਉਠਾਈ ਗਈ। ਇਸ ਦੌਰਾਨ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਗਈ, ਪਰ ਲੋਕਾਂ ਅਨੁਸਾਰ ਹਾਲੇ ਤੱਕ ਸਮੱਸਿਆ ਦਾ ਹੱਲ ਨਹੀਂ ਹੋਇਆ। ਵਸਨੀਕਾਂ ਨੇ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸੁਣਵਾਈ ਨਾ ਹੋਣਾ ਮੰਦਭਾਗਾ ਹੈ।
ਹੱਲ ਨਾ ਹੋਣ ’ਤੇ ਸੜਕ ਜਾਮ ਕਰਨ ਦੀ ਚਿਤਾਵਨੀ
ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤੇ ਸੜਕ ਦਾ ਪੱਧਰ ਠੀਕ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਪਿੰਡ ਵਾਸੀ ਸੜਕ ਜਾਮ ਕਰਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੀ ਹੋਵੇਗੀ।