- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਉਦਘਾਟਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਦੇ ਨਵੇਂ ਬਣੇ ਦਫ਼ਤਰ ਦਾ ਸ਼ਾਨਦਾਰ ਉਦਘਾਟਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੀਤਾ ਗਿਆ। ਉਨ੍ਹਾਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੂੰ ਰਸਮੀ ਤੌਰ ’ਤੇ ਉਨ੍ਹਾਂ ਦੀ ਕੁਰਸੀ ’ਤੇ ਬਿਠਾਇਆ ਤੇ ਜ਼ਿਲ੍ਹੇ ਦੀ ਵਾਗਡੋਰ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ। ਇਸ ਸਮਾਗਮ ’ਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਹੈ। ਸੂਬੇ ਦਾ ਕਿਸਾਨ, ਮਜ਼ਦੂਰ, ਵਪਾਰੀ ਤੇ ਨੌਜਵਾਨ ਵਰਗ ਬਦਲਾਅ ਦੇ ਨਾਂ ’ਤੇ ਆਈ ਇਸ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਦੁਖੀ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰੀ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਸਲ ’ਚ ਸਭ ਤੋਂ ਵੱਧ ਕੱਟੜ ਬੇਈਮਾਨ ਨਿਕਲੀ ਹੈ। ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਤੇ ਸੂਬੇ ’ਚ ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਝੂਠੇ ਝਾਂਸਿਆਂ ਤੇ ਲਾਰੇਬਾਜ਼ੀਆਂ ’ਚ ਆਉਣ ਵਾਲੇ ਨਹੀਂ ਹਨ ਤੇ ਜਨਤਾ ਇਸ ਸਰਕਾਰ ਨੂੰ ਸੱਤਾ ਤੋਂ ਚੱਲਦਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ, ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ-ਤਿੰਨਾਂ ਧਿਰਾਂ ਦੇ ਰਾਜ ਨੂੰ ਅਜ਼ਮਾ ਕੇ ਦੇਖ ਲਿਆ ਹੈ, ਪਰ ਇਨ੍ਹਾਂ ਵਿੱਚੋਂ ਕਿਸੇ ਵੀ ਪਾਰਟੀ ਨੇ ਪੰਜਾਬ ਦੇ ਅਸਲ ਮੁੱਦਿਆਂ ਦਾ ਹੱਲ ਨਹੀਂ ਕੀਤਾ ਅਤੇ ਨਾ ਹੀ ਸੂਬੇ ਦਾ ਕੋਈ ਭਲਾ ਕੀਤਾ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੁਣ ਹੋਰਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਸੂਬੇ ’ਚ ਅਮਨ-ਸ਼ਾਂਤੀ, ਆਰਥਿਕ ਮਜ਼ਬੂਤੀ ਤੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਵੱਲ ਉਮੀਦ ਦੀ ਨਜ਼ਰ ਨਾਲ ਦੇਖ ਰਹੇ ਹਨ। ਪੰਜਾਬ ਦਾ ਹਰ ਵਰਗ ਹੁਣ ਭਾਜਪਾ ਦੀ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣ ਦਾ ਪੂਰਾ ਮਨ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਵਾਂ ਦਫ਼ਤਰ ਦੇ ਖੁੱਲ੍ਹਣ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਘਰ-ਘਰ ਤੱਕ ਆਪਣੀ ਪਹੁੰਚ ਬਣਾਏਗੀ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ।