ਬੀਕੇਯੂ ਦੀ ਸੂਬਾ ਕਮੇਟੀ ਵੱਲੋਂ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂਆਂ ’ਤੇ ਜਬਰ ਦੀ ਨਿਖੇਧੀ
ਬੀਕੇਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ’ਤੇ ਜਬਰ ਦੀ ਨਿਖੇਧੀ
Publish Date: Wed, 25 Mar 2026 05:13 PM (IST)
Updated Date: Wed, 25 Mar 2026 05:16 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ 22 ਮਾਰਚ ਨੂੰ ਅੰਮ੍ਰਿਤਸਰ ਵਿਖੇ ਡੀਸੀ ਦਫ਼ਤਰ ਅੱਗੇ ਧਰਨਾ ਲਾਉਣ ਜਾ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਅਤੇ ਵਰਕਰਾਂ ਤੇ ਕੀਤੇ ਲਾਠੀਚਾਰਜ ਅਤੇ ਗਿ੍ਰਫ਼ਤਾਰੀਆਂ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ 22 ਮਾਰਚ ਨੂੰ ਆਪਣੀਆਂ ਮੰਗਾਂ ਲਈ ਅੰਮ੍ਰਿਤਸਰ ਦੇ ਡੀਸੀ ਦਫਤਰ ਅੱਗੇ ਧਰਨਾ ਲਾਉਣਾ ਚਾਹੁੰਦੇ ਸਨ। ਜਿਸ ਵਿੱਚ ਹੋਰ ਮੰਗਾਂ ਤੋਂ ਇਲਾਵਾ, ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਦੀਆਂ ਚੋਰੀ ਕੀਤੀਆਂ ਹੋਈਆਂ ਟਰਾਲੀਆਂ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਦੀਆਂ ਹੱਕੀ ਮੰਗਾਂ ਤੇ ਧਿਆਨ ਦੇਣ ਦੀ ਥਾਂ ਪੰਜਾਬ ਸਰਕਾਰ ਨੇ ਪੁਲਿਸ ਦੀਆਂ ਵਾਗਾਂ ਖੁੱਲ੍ਹੀਆਂ ਛੱਡ ਦਿੱਤੀਆਂ ਹਨ। ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਸਮੇਤ ਅਨੇਕਾਂ ਹੋਰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੀ ਸੇਧ ਸ਼ਾਮ, ਦਾਮ ਦੰਡ, ਭੇਦ ਤੇ ਅਮਲ ਕਰ ਕੇ ਆਪਣੇ ਲੋਕਾਂ ਤੇ ਜਬਰ ਕਰਨ ਦਾ ਰਾਹ ਚੁਣਿਆ ਹੈ। ਆਮ ਆਦਮੀ ਪਾਰਟੀ ਭੁੱਲ ਗਈ ਹੈ ਕਿ ਪੰਜਾਬ ਦੇ ਲੋਕ ਜਬਰ ਨਾਲ ਕਦੇ ਵੀ ਦਬਾਏ ਨਹੀਂ ਜਾ ਸਕੇ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਅਤੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਤੁਰੰਤ ਰਿਹਾਈ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਕਰ ਕੇ ਉਨ੍ਹਾਂ ਦੀ ਹਮਾਇਤ ਦਾ ਐਲਾਨ ਕਰੇਗੀ।