- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਅਨਾਜ ਮੰਡੀ ਵਿਖੇ ਝਾੜੀਆਂ ’ਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਬੱਸ ਸਟੈਂਡ ਚੌਂਕੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਸ਼ਨਾਖਤ ਤੋਂ ਬਾਅਦ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਦੇ ਮੋਰਚਰੀ ਹਾਊਸ ਵਿੱਚ ਰਖਵਾ ਦਿੱਤਾ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਅਨਾਜ ਮੰਡੀ ਵਿਖੇ ਝਾੜੀਆਂ ’ਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਬੱਸ ਸਟੈਂਡ ਚੌਕੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਸ਼ਨਾਖਤ ਤੋਂ ਬਾਅਦ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਦੇ ਮੋਰਚਰੀ ਹਾਊਸ ਵਿੱਚ ਰਖਵਾ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (31) ਪੁੱਤਰ ਜਰਨੈਲ ਸਿੰਘ, ਵਾਸੀ ਪਿੰਡ ਧਨੌਲਾ ਖੁਰਦ ਵਜੋਂ ਹੋਈ ਹੈ। ਇਸ ਸਬੰਧੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰ ਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਰਾਹਗੀਰ ਵੱਲੋਂ ਫੋਨ ਕਰ ਕੇ ਝਾੜੀਆਂ ਵਿੱਚ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਗਈ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ ਵਾਪਸ
ਮ੍ਰਿਤਕ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਕਰਨ ਦਾ ਆਦੀ ਸੀ ਅਤੇ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਘਰ ਪਰਤਿਆ ਸੀ। ਉਸ ਨੇ ਦੱਸਿਆ ਕਿ ਜਸਵੀਰ ਸਿੰਘ ਵਿਆਹਿਆ ਹੋਇਆ ਸੀ ਅਤੇ ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪੁਲਿਸ ਵੱਲੋਂ ਫੋਨ ਰਾਹੀਂ ਸੂਚਨਾ ਮਿਲਣ ’ਤੇ ਪਰਿਵਾਰ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ। ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਕਿ ਜਸਵੀਰ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋ ਸਕਦੀ ਹੈ। ਹਾਲਾਂਕਿ ਪੁਲਿਸ ਨੂੰ ਲਾਸ਼ ਦੇ ਨੇੜਿਓਂ ਕੋਈ ਸਰਿੰਜ ਜਾਂ ਹੋਰ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਚੌਕੀ ਇੰਚਾਰਜ ਗੁਰ ਸਿਮਰਨ ਸਿੰਘ ਅਨੁਸਾਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।