- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਜਸਵਿੰਦਰ ਸੰਘੇੜਾ ਤੇ ਹਰਿੰਦਰ ਧਾਲੀਵਾਲ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਚੇਅਰਮੈਨ ਮਾਰਕਿਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ ਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਬਰਨਾਲਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਿਹਲੀ ਨਾ ਵਰਤੀ ਜਾਵੇ। ਚੇਅਰਮੈਨ ਮਾਰਕਿਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰੀਦ ਪ੍ਰਬੰਧ ਪੁਖਤਾ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ’ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ ਅਤੇ ਕੁੱਲ 104 ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ’ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਜਿਣਸ ਵਿੱਚ 17 ਫੀਸਦੀ ਤੋਂ ਵੱਧ ਨਮੀਂ ਨਾ ਹੋਵੇ। ਹਲਕਾ ਇੰਚਾਰਜ ਹਰਿੰਦਰ ਧਾਲੀਵਾਲ ਕਿਹਾ ਕਿ ਮੰਡੀਆਂ ਵਿਚ ਬਿਜਲੀ, ਪਾਣੀ, ਸਫ਼ਾਈ, ਪਖਾਨਿਆਂ ਆਦਿ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 8,95,450 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਉਪ ਚੇਅਰਮੈਨ ਪੀ.ਈ.ਡੀ.ਏ. ਧੀਰਜ ਦੱਧਾਹੂਰ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਤੇ ਕਿਸਾਨ ਮੌਜੂਦ ਸਨ।
: ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਮੈਨ ਸੰਘੇੜਾ
ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸੰਘੇੜਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ’ਚ ਲਿਆਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਾਨ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੰਡੀਆਂ ’ਚ ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਬੈਠਣ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਫ਼ਸਲ ਦੀ ਖਰੀਦ ਸਬੰਧੀ ਜੇਕਰ ਕੋਈ ਸਮੱਸਿਆ ਜਾਂ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਝੋਨੇ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸੁਕਾ ਕੇ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।