ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਕੀਤਾ ਐਲਾਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਆਗੂ ਪ੍ਰਦੀਪ ਕੁਮਾਰ ਨੇ ਦੱਸਿਆ ਕਿ 1 ਨਵੰਬਰ ਦੀ ਰੈਲੀ ’ਚ ਬਰਨਾਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ’ਚ ਅਧਿਆਪਕ ਸ਼ਾਮਲ ਹੋਣਗੇ। ਇਸ ਤੋਂ ਇਲਾਵਾ 8 ਨਵੰਬਰ ਤੱਕ ਮੁੱਖ ਮੰਤਰੀ ਦੇ ਹਲਕੇ ਧੂਰੀ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ, ਪੰਜਾਬ ਪ੍ਰਧਾਨ ਦੇ ਹਲਕੇ ਸੁਨਾਮ ਤੇ ਸਿੱਖਿਆ ਮੰਤਰੀ ਦੇ ਗੰਭੀਰਪੁਰ ਹਲਕੇ ’ਚ ਲੜੀਵਾਰ ਰੋਸ ਐਕਸ਼ਨ ਕੀਤੇ ਜਾਣਗੇ।
Publish Date: Wed, 28 Oct 2026 04:01 PM (IST)
Updated Date: Wed, 28 Oct 2026 04:02 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਆਗੂ ਪ੍ਰਦੀਪ ਕੁਮਾਰ ਨੇ ਦੱਸਿਆ ਕਿ 1 ਨਵੰਬਰ ਦੀ ਰੈਲੀ ’ਚ ਬਰਨਾਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ’ਚ ਅਧਿਆਪਕ ਸ਼ਾਮਲ ਹੋਣਗੇ। ਇਸ ਤੋਂ ਇਲਾਵਾ 8 ਨਵੰਬਰ ਤੱਕ ਮੁੱਖ ਮੰਤਰੀ ਦੇ ਹਲਕੇ ਧੂਰੀ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ, ਪੰਜਾਬ ਪ੍ਰਧਾਨ ਦੇ ਹਲਕੇ ਸੁਨਾਮ ਤੇ ਸਿੱਖਿਆ ਮੰਤਰੀ ਦੇ ਗੰਭੀਰਪੁਰ ਹਲਕੇ ’ਚ ਲੜੀਵਾਰ ਰੋਸ ਐਕਸ਼ਨ ਕੀਤੇ ਜਾਣਗੇ।
ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਪਿਛਲੇ 38 ਦਿਨਾਂ ਤੋਂ ਪੱਕੇ ਧਰਨੇ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਪੰਜਾਬ ਸਰਕਾਰ ਵੱਲੋਂ ਸਾਰ ਨਾ ਲਏ ਜਾਣ ਕਾਰਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 30 ਅਕਤੂਬਰ ਤੱਕ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਨਵੰਬਰ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਤੋਂ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਉੱਥੇ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ’ਚ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ।
ਆਗੂ ਸਿਕੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ’ਚ ਸੇਵਾਵਾਂ ਨਿਭਾ ਰਹੇ ਹਨ। ਇਸ ਦੌਰਾਨ 118 ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਤੇ ਪੰਜ ਅਧਿਆਪਕ ਬਿਨਾਂ ਬਣਦੇ ਲਾਭਾਂ ਦੇ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਹੱਕਾਂ ਦੀ ਉਡੀਕ ਕਰ ਰਹੇ ਹਨ। ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਡੀਏ, ਡੈੱਥ ਪਾਲਿਸੀ ਅਤੇ ਹੋਰ ਹੱਕ ਲਾਗੂ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਦੇ ਵਾਅਦੇ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤੇ ਐਲਾਨ ਨੂੰ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।