ਬਰਨਾਲਾ 'ਚ 'ਆਪ' ਸਰਕਾਰ ਖ਼ਿਲਾਫ਼ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਚੰਨੀ ਤੇ ਬਾਜਵਾ ਨੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਨੂੰ ਦਿੱਤਾ ਸਮਰਥਨ ਬਰਨਾਲਾ ’ਚ ਆਮ ਆਦਮੀ ਪਾਰਟੀ ਦੇ ਸਿਆਸੀ ਗੜ੍ਹ ਨੂੰ ਢਾਹ ਲਾਉਣ ਤੇ ਆਪਣੇ ਆਧਾਰ ਨੂੰ ਮਜ਼ਬੂਤ ਕਰਨ ਲਈ ਵਿਰੋਧੀ ਧਿਰ ਕਾਂਗਰਸ ਨੇ ਵੱਡੇ ਪੱਧਰ 'ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਗਰ ਕੌਂਸਲ/ਨਿਗਮ ਬਰਨਾਲਾ ਦੇ ਵਿਹੜੇ ’ਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਰੋਸ ਧਰਨੇ ’ਚ ਪਹੁੰਚੀ। ਧਰਨੇ ’ਚ ਸ਼ਾਮਲ ਹੋ ਕੇ ਕਾਂਗਰਸੀ ਆਗੂਆਂ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕੀਤਾ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਹਿੱਸਾ ਲਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ
Publish Date: Sat, 25 Jul 2026 03:55 PM (IST)
Updated Date: Sat, 25 Jul 2026 03:57 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਬਰਨਾਲਾ ’ਚ ਆਮ ਆਦਮੀ ਪਾਰਟੀ ਦੇ ਸਿਆਸੀ ਗੜ੍ਹ ਨੂੰ ਢਾਹ ਲਾਉਣ ਤੇ ਆਪਣੇ ਆਧਾਰ ਨੂੰ ਮਜ਼ਬੂਤ ਕਰਨ ਲਈ ਵਿਰੋਧੀ ਧਿਰ ਕਾਂਗਰਸ ਨੇ ਵੱਡੇ ਪੱਧਰ 'ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਗਰ ਕੌਂਸਲ/ਨਿਗਮ ਬਰਨਾਲਾ ਦੇ ਵਿਹੜੇ ’ਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਰੋਸ ਧਰਨੇ ’ਚ ਪਹੁੰਚੀ। ਧਰਨੇ ’ਚ ਸ਼ਾਮਲ ਹੋ ਕੇ ਕਾਂਗਰਸੀ ਆਗੂਆਂ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕੀਤਾ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਹਿੱਸਾ ਲਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ ਤੇ ਬਰਨਾਲਾ ਤੋਂ ਕਾਂਗਰਸੀ ਨੇਤਾ ਕੁਲਦੀਪ ਸਿੰਘ ਢਿੱਲੋਂ ਸਮੇਤ ਕਈ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
'ਆਪ' ਆਗੂਆਂ ਦੇ ਦਰਾਂ 'ਚ ਸੁੱਟੋ ਕੂੜਾ: ਚੰਨੀ ਸਫ਼ਾਈ ਕਰਮਚਾਰੀਆਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਆਪਾਂ ਕੂੜੇ ਵਾਲੇ ਹਾਂ, ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹੋਰ ਆਗੂਆਂ ਦੇ ਘਰਾਂ ਅੱਗੇ ਕੂੜੇ ਦੇ ਢੇਰ ਲਗਾਓ।’ ਚੰਨੀ ਨੇ ਦਾਅਵਾ ਕੀਤਾ ਕਿ ਉਹ ਸਫ਼ਾਈ ਕਰਮਚਾਰੀਆਂ ਦੇ ਹਰ ਸੰਘਰਸ਼ ’ਚ ਉਨ੍ਹਾਂ ਦਾ ਸਾਥ ਦੇਣਗੇ ਤੇ ਹੁਣ ਇਸ ਲੜਾਈ ਦੀ ਖ਼ੁਦ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਤੇ ਬਰਨਾਲਾ ਹੀ ਆਮ ਆਦਮੀ ਪਾਰਟੀ ਦੀ ਜੜ੍ਹ ਹਨ। ਸਫ਼ਾਈ ਸੇਵਕਾਂ ਦਾ ਇਹ ਸੰਘਰਸ਼ ਜਿੱਥੇ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਪੁੱਟੇਗਾ, ਉੱਥੇ ਹੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਵਾਪਸ ਲਿਆਵੇਗਾ। ਚੰਨੀ ਨੇ ਵਾਅਦਾ ਕੀਤਾ ਕਿ ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਸਫ਼ਾਈ ਸੇਵਕਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇਗਾ।
ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ: ਬਾਜਵਾ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ’ਚ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਕੱਚੇ ਤੇ ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਵੇਲੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਬਾਜਵਾ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨ ਵਾਲੇ ਡੀਐੱਸਪੀ ਤੇ ਐੱਸਐੱਚਓ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਸਿਰਫ਼ ਮੁਅੱਤਲ ਹੀ ਨਾ ਕੀਤਾ ਜਾਵੇ, ਬਲਕਿ ਉਨ੍ਹਾਂ 'ਤੇ ਵਿਭਾਗੀ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ।
ਰੰਧਾਵਾ ਨੇ ਵੀ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਰਨਾਲਾ ਸਮੇਤ ਪੂਰੇ ਪੰਜਾਬ ’ਚ ਵਿਕਾਸ ਕਾਰਜ ਠੱਪ ਪਏ ਹਨ ਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਐਲਾਨ ਕਰਦੀ ਹੈ ਕਿ ਉਹ ਸਫ਼ਾਈ ਕਰਮਚਾਰੀਆਂ ਤੇ ਹਰ ਪੀੜਤ ਵਰਗ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਸੰਘਰਸ਼ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਜਾਰੀ ਰਹੇਗਾ।ਇਸ ਰੋਸ ਮਾਰਚ ਤੇ ਧਰਨੇ ਦੌਰਾਨ ਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।