ਮਹਿੰਗਾਈ ਵਿਰੁੱਧ ਕਾਂਗਰਸ ਦਾ ਵੱਡਾ ਪ੍ਰਦਰਸ਼ਨ: ਤੇਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਖੱਚਰ ਰੇਹੜੀ ’ਤੇ ਚੜ੍ਹ ਕੇ ਜਤਾਇਆ ਅਨੋਖਾ ਰੋਸ
ਦੇਸ਼ ਅੰਦਰ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੇ ਨਾਲ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿਰੋਧ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਖੱਚਰ ਰੇਹੜੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
Publish Date: Mon, 01 Jun 2026 04:41 PM (IST)
Updated Date: Mon, 01 Jun 2026 04:46 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਦੇਸ਼ ਅੰਦਰ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੇ ਨਾਲ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿਰੋਧ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਖੱਚਰ ਰੇਹੜੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਦੇਸ਼ ਅੰਦਰ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ, ਜਿਸ ਦੇ ਮਾਰ ਹੇਠ ਆਮ ਆਦਮੀ ਆ ਰਿਹਾ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ। ਦੇਸ਼ ਅੰਦਰ ਤੇਲ ਅਤੇ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹਰ ਇੱਕ ਚੀਜ਼ ’ਚ ਮਹਿੰਗਾਈ ਦੀ ਦਰ ਵਧ ਰਹੀ ਹੈ। ਹਰ ਚੀਜ਼ ਮਹਿੰਗੀ ਹੋ ਚੁੱਕੀ ਹੈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ’ਚ ਕਾਂਗਰਸੀਆਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਖੱਚਰ ਰੇਹੜੇ ’ਤੇ ਚੜ੍ਹ ਕੇ ਵਿਅੰਗ ਰੂਪ ’ਚ ਮੋਦੀ ਸਰਕਾਰ ਵਿਰੁੱਧ ਵਧਦੀ ਮਹਿੰਗਾਈ ਨੂੰ ਲੈ ਕੇ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਉੱਪਰ ਜਦੋਂ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧਾ ਨਹੀਂ ਹੋ ਰਿਹਾ ਤਾਂ ਕੇਂਦਰ ਸਰਕਾਰ ਬੇਵਜ੍ਹਾ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ’ਚ ਵਾਧਾ ਕਰ ਰਹੀ ਹੈ। ਅਜਿਹਾ ਕਰਕੇ ਕੇਂਦਰ ਸਰਕਾਰ ਜਿੱਥੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ, ਉੱਥੇ ਦੇਸ਼ ਦੇ ਆਮ ਲੋਕਾਂ ਨੂੰ ਮਹਿੰਗਾਈ ਦੀ ਵੱਡੀ ਮਾਰ ਮਾਰੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ (ਆਮ ਆਦਮੀ ਪਾਰਟੀ) ਵੀ ਕੇਂਦਰ ਸਰਕਾਰ ਦਾ ਇਸ ਮਹਿੰਗਾਈ ’ਚ ਸਾਥ ਦੇਣ ਲੱਗੀ ਹੈ। ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ, ਗੁਰਮੇਲ ਸਿੰਘ ਮੌੜ, ਬਿੱਟੂ ਸ਼ਰਮਾ, ਜਸਵੀਰ ਸਿੰਘ ਖੇੜੀ, ਬਲਵੰਤ ਸ਼ਰਮਾ, ਸੁਖਵਿੰਦਰ ਧਾਲੀਵਾਲ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।