- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂਆਂ ਦੀ ਅਹਿਮ ਮੀਟਿੰਗ, ਝੋਨੇ ਦੀ ਖਰੀਦ ਤੇ ਡੀ.ਏ.ਪੀ. ਖਾਦ ਦੀ ਸਪਲਾਈ ਦਾ ਮੁੱਦਾ ਭਖਿਆ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ, ਮਹਿਲ ਕਲਾਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸਰਾਂ ਕੁਰੜ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਜਸਵਿੰਦਰ ਸਿੰਘ ਛੀਨੀਵਾਲ ਅਤੇ ਡਾ. ਸੁਖਦੀਪ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਮੰਡੀਆਂ ਵਿੱਚ ਸਮੇਂ ਸਿਰ ਸੁਚੱਜੇ ਪ੍ਰਬੰਧ ਕੀਤੇ ਜਾਣ। ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ, ਫ਼ਸਲ ਦੇ ਸਹੀ ਤੋਲ ਅਤੇ ਝੋਨੇ ਦੀ ਨਿਰਵਿਘਨ ਖਰੀਦ ਤੇ ਸਮੇਂ ਸਿਰ ਚੁਕਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਵਿੱਚ ਖਰੀਦ ਦੇ ਸੁਚੱਜੇ ਪ੍ਰਬੰਧ ਨਾ ਕੀਤੇ ਗਏ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਡੀ.ਏ.ਪੀ. ਖਾਦ ਦੀ ਸਪਲਾਈ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇ। ਖਾਦ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਦੇ ਨਾਲ-ਨਾਲ ਇਸ ਦੀ ਪਾਰਦਰਸ਼ੀ ਢੰਗ ਨਾਲ ਵੰਡ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਖਾਦ ਲੈਣ ਲਈ ਖੱਜਲ-ਖੁਆਰ ਨਾ ਹੋਣਾ ਪਵੇ।ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਸਹੂਲਤ ਦਿੱਤੀ ਜਾਵੇ। ਇਸ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਰਾਹਤ ਮਿਲੇਗੀ, ਉੱਥੇ ਹੀ ਵਾਤਾਵਰਨ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ।ਮੀਟਿੰਗ ਦੌਰਾਨ ਕਿਸਾਨ ਆਗੂ ਰਾਮ ਸਿੰਘ ਥਿੰਦ, ਬਲਜਿੰਦਰ ਸਿੰਘ, ਮਨਜੀਤ ਸਿੰਘ ਛਾਪਾ, ਦਰਬਾਰਾ ਸਿੰਘ ਸਹੌਰ, ਗੁਰਜੀਤ ਸਿੰਘ ਬੀਹਲਾ, ਹਰਭਜਨ ਸਿੰਘ ਬੀਹਲਾ, ਗੁਰਬਚਨ ਸਿੰਘ, ਤਾਰੀ ਸਿੰਘ ਮਹਿਲ ਕਲਾਂ, ਜਸਵਿੰਦਰ ਸਿੰਘ ਬੀਹਲਾ, ਦਲਵੀਰ ਸਿੰਘ ਚੰਨਣਵਾਲ, ਅਮਰਜੀਤ ਸਿੰਘ, ਕਮਲਦੀਪ ਸਿੰਘ, ਪ੍ਰੀਤਮ ਸਿੰਘ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।