- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰਾਲੇ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਮਜ਼ਦੂਰ ਦੀ ਮੌਤ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸ਼ੁੱਕਰਵਾਰ ਸਵੇਰੇ ਮਹਿਲ ਕਲਾਂ ਵਿਖੇ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਦੀ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ ’ਚ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ) ਪੁੱਤਰ ਜਾਗਰ ਸਿੰਘ ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਿੰਘ ਸਵੇਰੇ ਕਰੀਬ 8:00 ਕੁ ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਮਜ਼ਦੂਰੀ ਕਰਨ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ। ਜਦੋਂ ਉਹ ਮਹਿਲ ਕਲਾਂ ਵਿਖੇ ਪੁੱਜਿਆ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਧਰ ਹਾਦਸੇ ਤੋਂ ਬਾਅਦ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਅਸੰਤੁਸ਼ਟ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਗੰਗੋਹਰ ਦੇ ਵਸਨੀਕਾਂ ’ਚ ਭਾਰੀ ਰੋਸ ਪੈਦਾ ਹੋ ਗਿਆ। ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ ਮ੍ਰਿਤਕ ਦੀ ਦੇਹ ਨੂੰ ਘਟਨਾ ਸਥਾਨ ’ਤੇ ਰੱਖ ਕੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਕਸਬਾ ਮਹਿਲ ਕਲਾਂ ਵਿਖੇ ਧਰਨਾ ਲਗਾ ਦਿੱਤਾ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।
: ਵਰ੍ਹਦੇ ਮੀਹ ’ਚ ਸੜਕ ’ਤੇ ਭਿੱਜਦੀ ਰਹੀ ਲਾਸ
ਟਰਾਲਾ ਚਾਲਕ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਿੱਤੇ ਧਰਨੇ ਦੌਰਾਨ ਜ਼ਬਰਦਸਤ ਮੀਂਹ ਆ ਗਿਆ । ਇਸ ਮੌਕੇ ਵਰਦੇ ਮੀਂਹ ’ਚ ਲਾਸ਼ ਸੜਕ ’ਤੇ ਭਿੱਜਦੀ ਰਹੀ । ਭਾਵੇਕਿ ਲੋਕਾਂ ਵੱਲੋਂ ਲਾਸ ਉਪਰ ਮੰਜਾ ਰੱਖ ਕੇ ਤੇ ਪੱਲੀਆਂ ਪਾ ਕੇ ਪਾਣੀ ਤੋ ਬਚਾਉਣ ਦੀ ਕੋਸਿਸ ਕੀਤੀ ਗਈ ਪਰ ਲਾਸ ਪੂਰੀ ਤਰ੍ਹਾ ਭਿੱਜ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਹਰਜੀਤ ਸਿੰਘ ਖਿਆਲੀ, ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰੁਲਦੂ ਸਿੰਘ, ਕਾਂਗਰਸੀ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ,ਡਾ. ਅਮਰਜੀਤ ਸਿੰਘ ਕੁੱਕੂ, ਸਵਰਨ ਸਿੰਘ ਕਿਰਪਾਲ ਸਿੰਘ ਵਾਲਾ ਅਤੇ ਕਾਂਗਰਸੀ ਆਗੂ ਗੁਰਮੇਲ ਸਿੰਘ ਵਜੀਦਕੇ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮ੍ਰਿਤਕ ਦੇ ਲੜਕੇ ਅਮਨਦੀਪ ਸਿੰਘ ਗੰਗੋਹਰ ਤੇ ਮਾਤਾ ਮਹਿੰਦਰ ਕੌਰ ਨੇ ਦੱਸਿਆ ਕਿ ਰਾਜ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਪਰਿਵਾਰ ਨੂੰ ਇਨਸਾਫ਼ ਲੈਣ ਲਈ ਸੜਕ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।