ਸਿਹਤ ਵਿਭਾਗ ਵੱਲੋਂ ਗਰਮੀ ਤੇ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
ਸਿਹਤ ਵਿਭਾਗ ਵੱਲੋਂ ਗਰਮੀ ਤੇ ਲੂ ਤੋਂ ਬਚਾਅ ਲਈ ਅਡਵਾਇਜ਼ਰੀ ਜਾਰੀ
Publish Date: Wed, 20 May 2026 04:19 PM (IST)
Updated Date: Wed, 20 May 2026 04:22 PM (IST)
ਤਪਾ ਮੰਡੀ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਐਡਵਾਇਜ਼ਰੀ (ਸਲਾਹਕਾਰੀ) ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਵੱਧ ਰਹੀ ਗਰਮੀ ਤੇ ਤਾਪਮਾਨ ’ਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ’ਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਤੇ ਗਰਮੀ ਨਾਲ ਸਬੰਧਿਤ ਬਿਮਾਰੀਆਂ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ ’ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਲੂ ਲੱਗਣ ਦਾ ਵਧੇਰੇ ਜੋਖਮ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਹਰੀਆਂ ਸਬਜ਼ੀਆਂ ਅਤੇ ਮੌਸਮੀ ਫ਼ਲ ਜਿਵੇਂ ਖਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ’ਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ। ਡਾ. ਬਾਜਵਾ ਨੇ ਲੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ ’ਚ ਖਾਸ ਕਰ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਜਾਇਆ ਜਾਵੇ, ਜੇਕਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ-ਥੋੜ੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਕਾਲੀਆਂ ਐਨਕਾਂ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ। ਸ਼ਰਾਬ, ਚਾਹ, ਕੌਫ਼ੀ, ਤਲੀਆਂ ਹੋਈਆਂ ਚੀਜ਼ਾਂ ਆਦਿ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।