ਮਨਿਸਟੀਰੀਅਲ ਕਾਮਿਆਂ ਨੇ ਕਲਮਛੋੜ ਹੜਤਾਲ ਕਰਕੇ ਠੱਪ ਰੱਖਿਆ ਦਫਤਰੀ ਕੰਮ ਮਨਿਸਟੀਰੀਅਲ ਕਾਮਿਆਂ ’ਚ ਭਰਿਆ ਰੋਹ, ਅੱਜ ਦੂਜੇ ਦਿਨ ਵੀ ਕਲਮਛੋੜ ਹੜਤਾਲ ਕਰਕੇ ਠੱਪ ਰੱਖਿਆ ਦਫਤਰੀ ਕੰਮ
Publish Date: Tue, 18 Aug 2026 03:42 PM (IST)
Updated Date: Wed, 19 Aug 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ :ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਪੰਜਾਬ ਭਰ ’ਚ ਚੱਲ ਰਹੀ ਕਲਮਛੋੜ/ਕੰਪਿਊਟਰ ਬੰਦ ਹੜਤਾਲ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਇਸ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਰਿਹਾ ਤੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ। ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਵੀ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਅਤੇ ‘ਆਪ’ ਲੀਡਰਸ਼ਿਪ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦਿੱਤੇ ਗਏ ਸਨ, ਪਰ ਅੱਜ ਤੱਕ ਕਈ ਮੰਗਾਂ ਲਟਕ ਰਹੀਆਂ ਹਨ। ਜਨਰਲ ਸਕੱਤਰ ਰਵਿੰਦਰ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਦੀ ਬਹਾਲੀ, ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਤੇ 17 ਜੁਲਾਈ 2020 ਤੋਂ ਲਾਗੂ ਕੇਂਦਰੀ ਤਨਖ਼ਾਹ ਸਕੇਲ ਕਾਰਨ ਹੋ ਰਹੇ ਨੁਕਸਾਨ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਵਧੀਕ ਜਨਰਲ ਸਕੱਤਰ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਮੁਲਾਜ਼ਮਾਂ ਲਈ ਨਹੀਂ, ਸਗੋਂ ਆਮ ਲੋਕਾਂ ਦੇ ਬੱਚਿਆਂ ਦੇ ਭਵਿੱਖ ਲਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।