ਬੰਦੀ ਸਿੰਘਾਂ ਨੂੰ ਜੇਲ੍ਹਾਂ ’ਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦਾ ਸਿੱਧਾ ਘਾਣ : ਮੰਡੇਰ
ਬੰਦੀ ਸਿੰਘਾਂ ਨੂੰ ਜੇਲ੍ਹਾਂ ’ਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦਾ ਸਿੱਧਾ ਘਾਣ : ਮੰਡੇਰ
Publish Date: Fri, 21 Aug 2026 03:23 PM (IST)
Updated Date: Sat, 22 Aug 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕੇਂਦਰ ਤੇ ਰਾਜ ਸਰਕਾਰਾਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਡੱਕੇ ਬੰਦੀ ਸਿੰਘਾਂ ਨੂੰ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਨਿਰਾ ਘਾਣ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਦੀ ਹਮਾਇਤ ਕਰਦਿਆਂ ਮੰਡੇਰ ਨੇ ਦੱਸਿਆ ਕਿ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਪੱਕਾ ਮੋਰਚਾ/ਧਰਨਾ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਸਮੁੱਚੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਜਥੇਬੰਦੀਆਂ ਦੇ ਪੂਰਨ ਸਹਿਯੋਗ ਨਾਲ ਸਫ਼ਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਨੂੰ ਲੈ ਕੇ ਬਰਨਾਲਾ ਦੇ ਸਮੁੱਚੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ। ਇਸ ਦੌਰਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਧਰਨਾ ਦਿੰਦਿਆਂ ਸਰਕਾਰਾਂ ਤੱਕ ਆਪਣਾ ਵਿਰੋਧ ਪਹੁੰਚਾਇਆ ਗਿਆ ਤੇ ਮੰਗ ਕੀਤੀ ਗਈ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।