ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਪਾ ਮੰਡੀ ਤੋਂ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਪਾ ਮੰਡੀ ਤੋਂ ਬੱਸਾਂ ਧਾਰਮਿਕ ਸਥਾਨਾਂ ਲਈ ਰਵਾਨਾ
Publish Date: Tue, 25 Aug 2026 03:43 PM (IST)
Updated Date: Wed, 26 Aug 2026 04:01 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਪਾ ਮੰਡੀ ਤੋਂ 3 ਬੱਸਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੰਗਤ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ। ਇਹ ਯਾਤਰਾ ਇੱਕ ਸ਼ਲਾਘਾਯੋਗ ਅਤੇ ਲੋਕ-ਹਿਤੈਸ਼ੀ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਰਾਹੀਂ ਸੰਗਤਾਂ ਨੂੰ ਸਾਲਾਸਰ ਬਾਲਾਜੀ, ਖਾਟੂ ਸ਼ਿਆਮ ਜੀ, ਰਿਸ਼ੀਕੇਸ਼, ਹਰਿਦੁਆਰ, ਮਥੁਰਾ ਅਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਸੰਗਤ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵੱਖ ਵੱਖ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਆਰਥਿਕ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਣ ਵਾਲੇ ਸ਼ਰਧਾਲੂ ਵੀ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਤੀਰਥ ਯਾਤਰਾ ਤੇ ਜਾ ਰਹੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ।