ਐੱਨਐੱਚਐੱਮ ਮੁਲਾਜ਼ਮਾਂ ਨੇ ਡੀਸੀ ਬਰਨਾਲਾ ਨੂੰ ਦਿੱਤਾ ਮੰਗ ਪੱਤਰ ਐਨਐਚਐਮ ਮੁਲਾਜ਼ਮਾਂ ਨੇ ਡੀਸੀ ਬਰਨਾਲਾ ਨੂੰ ਦਿੱਤਾ ਮੰਗ ਪੱਤਰ
Publish Date: Tue, 25 Aug 2026 03:47 PM (IST)
Updated Date: Wed, 26 Aug 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਨੁਮਿੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ । ਯੂਨੀਅਨ ਆਗੂਆਂ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਐੱਨਐੱਚੱਐਮ ਮੁਲਾਜ਼ਮਾਂ ਵੱਲੋਂ ਕੋਵਿਡ-19 ਮਹਾਂਮਾਰੀ ਸਮੇਤ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਐੱਨਸੀਡੀ, ਟੀਬੀ, ਏਬੀਡੀਐਮ ਤੇ ਹੋਰ ਸਿਹਤ ਸੇਵਾਵਾਂ ’ਚ ਲਗਾਤਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੀ ਜ਼ਮੀਨੀ ਪੱਧਰ ’ਤੇ ਕਾਰਗੁਜ਼ਾਰੀ ਨੂੰ ਮਜ਼ਬੂਤ ਬਣਾਉਣ ’ਚ ਐੱਨਐੱਚਐੱਮ ਸਟਾਫ਼ ਦਾ ਵੱਡਾ ਯੋਗਦਾਨ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਗੱਲਬਾਤ ਹੋ ਚੁੱਕੀ ਹੈ ਪ੍ਰੰਤੂ ਇਸ ਸਰਕਾਰ ਵੱਲੋਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਐੱਨਐੱਚਐੱਮ ਮੁਲਾਜ਼ਮਾਂ ਦੀ ਕਿਸੇ ਮੰਗ ਪ੍ਰਤੀ ਕੋਈ ਸੰਜੀਦਗੀ ਭਰਿਆ ਰਵਈਆ ਨਹੀਂ ਦਿਖਾਇਆ ਗਿਆ ਹੈ। ਯੂਨੀਅਨ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਪੈਨਲ ਮੀਟਿੰਗ ’ਚ ਨਾ ਕੀਤਾ ਗਿਆ ਤਾਂ ਯੂਨੀਅਨ ਨੂੰ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਾ ਪਵੇਗਾ ਤੇ ਇਸੇ ਦੇ ਚੱਲਦਿਆਂ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਵੱਲੋਂ ਐਮ.ਡੀ.ਐਨ ਐਚ ਐਮ ਦੇ ਦਫਤਰ, ਵਿੱਤ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਪੰਜਾਬ ਦੇ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਯੂਨੀਅਨ ਆਗੂ ਮੈਡਮ ਸੰਦੀਪ ਕੌਰ, ਗੁਰਜੀਤ ਸਿੰਘ, ਅਰੁਣ ਕੁਮਾਰ, ਵਿਸ਼ਾਲ ਗਰਗ, ਮੈਡਮ ਰਿੰਮੀ, ਮੰਜੂ ਬਾਲਾ, ਮਨਜੀਤ ਸਿੰਘ, ਰਵਿੰਦਰ ਸਿੰਘ, ਸੀਮਾ ਗੁਪਤਾ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।