
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚਿਤਾਵਨੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਨੁਮਾਇੰਦਿਆਂ ਨੇ ਅੱਜ ਮੋਹਾਲੀ ਦੇ ਫੇਜ਼-10 ਸਥਿਤ ਕਿਰਤੀ ਭਵਨ ਵਿਖੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਲਵਪ੍ਰੀਤ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ, ਸੈਬਰ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਪੂਨਮ ਰਾਣੀ ਤੇ ਬਲਕਾਰ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਵਿਭਾਗ ਨੂੰ ਪਹਿਲਾਂ ਵੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤੱਕ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈਆਂ ਮੀਟਿੰਗਾਂ ਦਾ ਵੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 15 ਸਤੰਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਦੇ ਪਹਿਲੇ ਪੜਾਅ ਤਹਿਤ ਕਿਰਤੀ ਭਵਨ, ਫੇਜ਼-10 ਮੋਹਾਲੀ ਵਿਖੇ ਰੋਸ ਮਾਰਚ ਕੀਤਾ ਜਾਵੇਗਾ।