
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਰਨਾਲਾ 'ਚ "ਮਿਸ਼ਨ ਕਲੀਨ ਪੰਜਾਬ" ਸਫ਼ਾਈ ਮੁਹਿੰਮ ਦੀ ਡੀਸੀ ਨੇ ਕੀਤੀ ਸ਼ੁਰੂਆਤ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਨੀਵਾਰ ਦਿਨ ਚੜ੍ਹਦੇ ਹੀ ਨਗਰ ਨਿਗਮ ਬਰਨਾਲਾ ਵੱਲੋਂ ਕਚਹਿਰੀ ਚੌਕ ਤੋਂ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਹਸਨ ਭਾਰਦਵਾਜ ਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ, ਜਿਸ ਦੌਰਾਨ ਸ਼ਹਿਰ ਦੀ ਵਿਆਪਕ ਪੱਧਰ ’ਤੇ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ਼ ਕੀਤੇ ਜਾਣਗੇ ਅਤੇ ਵੱਡੇ ਪੱਧਰ ’ਤੇ ਲੱਗੇ ਕੂੜੇ ਦੇ ਢੇਰ ਹਟਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ‘ਐੱਮ-ਸੇਵਾ’ ਐਪ ਵੀ ਕਾਰਜਸ਼ੀਲ ਹੈ, ਜਿਸ ’ਤੇ ਰਜਿਸਟ੍ਰੇਸ਼ਨ ਕਰਕੇ ਬਰਨਾਲਾ ਵਾਸੀ ਗੰਦਗੀ ਦੀ ਫੋਟੋ ਅਪਲੋਡ ਕਰ ਸਕਦੇ ਹਨ। ਇਸ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਵੱਲੋਂ ਉਸ ਥਾਂ ਦੀ ਤੁਰੰਤ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਇਲਾਵਾ ਬਾਕੀ ਆਮ ਸਫ਼ਾਈ ਕਾਰਜ ਵੀ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਇਕਾਈਆਂ ’ਚ ਸ਼ੁਰੂ ਕੀਤੀ ਗਈ ਹੈ।
ਇਸ ਤੋਂ ਇਲਾਵਾ ਨਗਰ ਕੌਂਸਲ ਭਦੌੜ, ਧਨੌਲਾ ਅਤੇ ਨਗਰ ਪੰਚਾਇਤ ਹੰਡਿਆਇਆ ’ਚ ਵੀ ਇਹ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਨੇ ਬਰਨਾਲਾ ਵਾਸੀਆਂ ਨੂੰ ਇਸ ਮੁਹਿੰਮ ’ਚ ਪੂਰਨ ਸਹਿਯੋਗ ਦੇ ਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਸੱਦਾ ਦਿੱਤਾ। ਇਸ ਸਮਾਗਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਤੇ ਨਗਰ ਕੌਂਸਲਰ ਰਾਜੀਵ ਲੂਬੀ, ਰੋਹਿਤ ਓਸ਼ੋ ਸਮੇਤ ਸ਼ਹਿਰ ਦੇ ਹੋਰ ਕੌਂਸਲਰ ਵੀ ਹਾਜ਼ਰ ਸਨ।