ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਅੱਜ ਤੋਂ 18 ਸਤੰਬਰ ਤੱਕ ਹੜਤਾਲ ਦਾ ਐਲਾਨ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ 8 ਤੋਂ 18 ਸਤੰਬਰ ਤੱਕ ਹੜਤਾਲ ਦਾ ਐਲਾਨ
Publish Date: Mon, 07 Sep 2026 04:55 PM (IST)
Updated Date: Tue, 08 Sep 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੀਆਂ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਆਸ਼ਾ ਵਰਕਰ ਐਂਡ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ 8 ਤੋਂ 18 ਸਤੰਬਰ ਤੱਕ ਹੜਤਾਲ ਕਰਕੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਯੂਨੀਅਨ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਕਿਰਨਜੀਤ ਕੌਰ, ਸਰਬਜੀਤ ਕੌਰ, ਸੰਦੀਪ ਪ੍ਰਧਾਨ, ਜਸਵੀਰ ਕੌਰ, ਸਵਰਨਜੀਤ ਕੌਰ, ਮੋਨਿਕਾ ਰਾਣੀ ਤੇ ਪਰਮਜੀਤ ਕੌਰ ਸਮੇਤ ਹੋਰ ਯੂਨੀਅਨ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਸਰਕਾਰ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਤੇ ਸਹੂਲਤਾਂ ਨੂੰ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਅਨੁਸਾਰ ਸਰਕਾਰ ਬਣਨ ਤੋਂ ਪਹਿਲਾਂ ਮੰਗਾਂ ਨੂੰ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ’ਚ ਆਉਣ ਤੋਂ ਬਾਅਦ ਇਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਜਥੇਬੰਦੀ ਅਨੁਸਾਰ ਸਿਹਤ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਕਈ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ’ਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ’ਚ ਲਿਆਉਣਾ, ਕੱਟੇ ਹੋਏ ਇੰਸੈਂਟਿਵ ਮੁੜ ਬਹਾਲ ਕਰਕੇ ਉਨ੍ਹਾਂ ਵਿੱ’ ਵਾਧਾ ਕਰਨਾ ਅਤੇ 7 ਆਸ਼ਾ ਵਰਕਰਾਂ ਪਿੱਛੇ ਇਕ ਆਸ਼ਾ ਫੈਸਿਲੀਟੇਟਰ ਦੀ ਨਿਯੁਕਤੀ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਵਰਕਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ, ਸੇਵਾ ਮੁਕਤੀ ਸਮੇਂ ਘੱਟੋ-ਘੱਟ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਤੇ ਸੇਵਾ ਮੁਕਤੀ ਉਪਰੰਤ ਘੱਟੋ-ਘੱਟ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 8 ਤੋਂ 18 ਸਤੰਬਰ ਤੱਕ ਹੜਤਾਲ ਕਰਕੇ ਕੰਮ ਦਾ ਬਾਈਕਾਟ ਜਾਰੀ ਰੱਖਿਆ ਜਾਵੇਗਾ।