ਝਲੂਰ ਦੇ ਵਿਕਾਸ ਲਈ 1.5 ਕਰੋੜ ਖਰਚਾਂਗੇ : ਮੀਤ ਹੇਅਰ ਝਲੂਰ ਦੇ ਵਿਕਾਸ ਲਈ 1.5 ਕਰੋੜ ਖਰਚਾਂਗੇ : ਮੀਤ ਹੇਅਰ
Publish Date: Tue, 08 Sep 2026 04:05 PM (IST)
Updated Date: Wed, 09 Sep 2026 04:02 AM (IST)
ਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਹ ਪਿੰਡ ਝਲੂਰ ਵਿਖੇ ‘ਝਲੂਰ ਧਾਮ’ ’ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਊਸ਼ਾਲਾ ਦੀ ਉਸਾਰੀ ਤੇ ਪਿੰਡ ਦੇ ਛੱਪੜ ਦੇ ਨਵੀਨੀਕਰਨ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਕਰਵਾਏ ਜਾਣਗੇ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡ ਝਲੂਰ ਵਿਖੇ ‘ਲੋਕ ਮਿਲਣੀ’ ਦੌਰਾਨ ਇਸ ਗ੍ਰਾਂਟ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਝਲੂਰ ਧਾਮ ਦੇ ਸਵਾਮੀ ਅਨੰਤਾ ਨੰਦ (ਰਾਮ ਜੀ), ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਪੰਚਾਇਤੀ ਰਾਜ ਦੇ ਐੱਸ.ਡੀ.ਓ. ਜਸਦੀਪ ਸਿੰਘ, ਸਰਪੰਚ ਪ੍ਰਗਟ ਸਿੰਘ ਲਾਡੀ ਸਮੇਤ ਹੋਰ ਸਥਾਨਕ ਆਗੂ ਤੇ ਮੋਹਤਬਰ ਹਾਜ਼ਰ ਸਨ।