ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ 11 ਨੂੰ : ਮਨਜੀਤ ਧਨੇਰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ 11 ਅਕਤੂਬਰ ਨੂੰ ਮਨਾਈ ਜਾਵੇਗੀ - ਮਨਜੀਤ ਧਨੇਰ
Publish Date: Mon, 21 Sep 2026 04:36 PM (IST)
Updated Date: Tue, 22 Sep 2026 04:03 AM (IST)
:: ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ/ਬੇਸਿਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ- ਹਰਨੇਕ ਸਿੰਘ ਮਹਿਮਾ ਕੈਪਸ਼ਨ: ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਮੀਟਿੰਗ ’ਚ ਸੂਬਾ ਕਮੇਟੀ ਤੋਂ ਇਲਾਵਾ ਪੰਜਾਬ ਦੇ 13 ਜ਼ਿਲ੍ਹਿਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ 11 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ਚੱਕ ਅਲੀ ਸ਼ੇਰ ਵਿਖੇ ਸੂਬਾ ਪੱਧਰ ’ਤੇ ਮਨਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਦੇ ਮਾਲਕੀ ਹੱਕ ਖੋਹਣ ਦੀਆਂ ਕੋਸ਼ਿਸ਼ਾਂ ਅੱਜ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜ਼ਮੀਨਾਂ ਦੇ ਮਾਲਕੀ ਹੱਕ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣਗੇ। ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 7 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਹੋਏ ਸਮਝੌਤੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਮਝੌਤੇ ਤਹਿਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦੇਣ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਦਰਿਆਈ ਪਾਣੀਆਂ ਦੇ ਮੁੱਦੇ ’ਤੇ ਜਥੇਬੰਦੀ ਨੇ ਕਿਹਾ ਕਿ ਇਹ ਮਸਲਾ ਰਿਪੇਰੀਅਨ/ਬੇਸਿਨ ਸਿਧਾਂਤ ਅਨੁਸਾਰ ਤੇ ਬਿਨਾਂ ਕਿਸੇ ਸਿਆਸੀ ਪੱਖਪਾਤ ਤੋਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਨ ਦੀ ਮੰਗ ਕੀਤੀ। ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਪੁਲਿਸ ਕਾਰਵਾਈ, ਖ਼ਾਸਕਰ ਤੂਰਬੰਜਾਰਾ ਤੇ ਸ਼ੇਰੋਂ ਦੀਆਂ ਘਟਨਾਵਾਂ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਖੁੱਡੀਆਂ, ਕੁਲਵੰਤ ਸਿੰਘ ਮਾਨ, ਗੁਲਜਾਰ ਸਿੰਘ ਕਬਰ ਵੱਛਾ, ਜਗਤਾਰ ਸਿੰਘ ਦੁੱਗਾਂ, ਗੁਰਨਾਮ ਸਿੰਘ ਮਹਿਰਾਜ, ਬਿੰਦੂ ਸੁੰਨੜਵਾਲ, ਜਸਪ੍ਰੀਤ ਸਿੰਘ ਕੁਹਾਰ ਵਾਲਾ, ਰਵਿੰਦਰਜੀਤ ਸਿੰਘ ਢੈਪਈ, ਜੁਗਰਾਜ ਸਿੰਘ ਹਰਦਾਸਪੁਰਾ, ਸੁਖਚੈਨ ਸਿੰਘ ਰਾਜੂ, ਸਤਨਾਮ ਸਿੰਘ ਬਰਨਾਲਾ, ਰਾਜਿੰਦਰ ਸਿੰਘ ਭਨੋਹੜ, ਅਜੀਤ ਸਿੰਘ ਧਾਂਦਰਾ, ਸਰਪੰਚ ਰਣਵੀਰ ਸਿੰਘ ਰੁੜਕਾ, ਦੇਵੀ ਰਾਮ ਰੰਘੜਿਆਲ, ਅਮਰਜੀਤ ਸਿੰਘ ਕਪੂਰਥਲਾ, ਮਨਜੀਤ ਸਿੰਘ ਕਪੂਰਥਲਾ, ਗੁਰਤੇਜ ਸਿੰਘ ਰਾਮਾ ਅਤੇ ਪਰਮਵੀਰ ਸਿੰਘ ਫਰੀਦਕੋਟ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।