ਝੋਨੇ ਦੀ ਸਰਕਾਰੀ ਖਰੀਦ ਪਹਿਲੀ ਤੋਂ ਸ਼ੁਰੂ : ਡੀਐਮਓ ਝੋਨੇ ਦੀ ਸਰਕਾਰੀ ਖਰੀਦ 1 ਤੋਂ ਸ਼ੁਰੂ : ਡੀਐਮਓ
Publish Date: Thu, 24 Sep 2026 04:25 PM (IST)
Updated Date: Fri, 25 Sep 2026 04:01 AM (IST)
-- ਕਿਸਾਨਾਂ ਨੂੰ ਮੰਡੀਆਂ ’ਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕੈਪਸ਼ਨ:ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ’ਚ ਆਗਾਮੀ ਝੋਨੇ ਦੇ ਸੀਜਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਬੋਰਡ ਵੱਲੋਂ ਖਰੀਦ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਰਸਮੀ ਤੌਰ ’ਤੇ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ’ਚ ਆਪਣੀ ਫ਼ਸਲ ਵੇਚਣ ਲਈ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। --ਮੰਡੀਆਂ ’ਚ ਪੁਖ਼ਤਾ ਪ੍ਰਬੰਧ ਤੇ ਨਿਰੰਤਰ ਨਿਗਰਾਨੀ ਹੋਵੇਗੀ ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ, ਪਾਰਦਰਸ਼ੀ ਤੇ ਨਿਯਮਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀ ਬੋਰਡ ਵੱਲੋਂ ਸਾਰੇ ਲੋੜੀਂਦੇ ਇੰਤਜ਼ਾਮ ਅਮਲ ’ਚ ਲਿਆਂਦੇ ਜਾ ਰਹੇ ਹਨ। ਫ਼ਸਲ ਦੀ ਸਮੇਂ ਸਿਰ ਖਰੀਦ ਤੇ ਚੁਕਾਈ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ (ਮਾਨੀਟਰਿੰਗ) ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਖੁਆਰ ਨਾ ਹੋਣਾ ਪਵੇ। --ਕਿਸਾਨਾਂ ਲਈ ਜ਼ਰੂਰੀ ਹਦਾਇਤਾਂ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ’ਚ ਝੋਨੇ ਦੀ ਪੂਰੀ ਤਰ੍ਹਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਹੀ ਲੈ ਕੇ ਆਉਣ। ਨਮੀ ਵਾਲੀ ਫ਼ਸਲ ਲਿਆਉਣ ਨਾਲ ਖਰੀਦ ਏਜੰਸੀਆਂ ਨੂੰ ਬੋਲੀ ਲਗਾਉਣ ’ਚ ਦਿੱਕਤ ਆਉਂਦੀ ਹੈ, ਜਿਸ ਨਾਲ ਮੰਡੀ ’ਚ ਠਹਿਰਾਅ ਵਧਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਤੇ ਮੰਡੀਕਰਨ ਲਈ ਨਿਰਧਾਰਿਤ ਸਰਕਾਰੀ ਮਾਪਦੰਡਾਂ ਤੇ ਨਮੀ ਦੀਆਂ ਸੀਮਾਵਾਂ ਦੀ ਪਾਲਣਾ ਕਰਨ, ਤਾਂ ਜੋ ਫ਼ਸਲ ਦੀ ਬਿਨਾਂ ਕਿਸੇ ਰੁਕਾਵਟ ਦੇ ਤੁਰੰਤ ਖਰੀਦ ਯਕੀਨੀ ਬਣਾਈ ਜਾ ਸਕੇ।