- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 26 ਤੋਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਬਰਨਾਲਾ ’ਚ ਵੀ 26, 27 ਅਤੇ 28 ਸਤੰਬਰ ਨੂੰ ਡਰੋਨ ਸ਼ੋਅ ਉਲੀਕੇ ਗਏ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ 26 ਸਤੰਬਰ (ਸ਼ਨੀਵਾਰ) ਨੂੰ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ, 27 ਸਤੰਬਰ ਨੂੰ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਤੇ 28 ਸਤੰਬਰ ਨੂੰ ਸਟੇਡੀਅਮ (ਪੱਤੀ ਮੋਹਰ ਸਿੰਘ) ਭਦੌੜ ਵਿਖੇ ਸ਼ਾਮ 6 ਵਜੇ ਡਰੋਨ ਸ਼ੋਅ ਉਲੀਕਿਆ ਗਿਆ ਹੈ। ਇਸ ਸਮਾਗਮ ’ਚ ਢਾਡੀ ਜਥੇ ਸੰਗਤ ਨੂੰ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ ਤੇ ਇਸ ਮਗਰੋਂ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਸ ਸ਼ੋਅ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ’ਚ ਸ਼ਮੂਲੀਅਤ ਕਰਨ। ਇਸ ਮੌਕੇ ਐੱਸਡੀਐਮ ਤਪਾ ਆਯੂਸ਼ ਗੋਇਲ, ਐੱਸਡੀਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਸਮੇਤ ਵੱਖ ਵੱਖ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।