ਪੁਲਿਸ ਨੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ, 4 ਕੱਟੇ ਚਾਲਾਨ ਜ਼ਿਲ੍ਹਾ ਬਰਨਾਲਾ 'ਚ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ, ਨਿਯਮਾਂ ਦੀ ਉਲੰਘਣਾ 'ਤੇ 04 ਬੱਸਾਂ ਦੇ ਕੀਤੇ ਚਲਾਨ
Publish Date: Fri, 25 Sep 2026 04:17 PM (IST)
Updated Date: Sat, 26 Sep 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਧਾਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ’ਚ ਲਿਆਂਦੀ ਗਈ, ਜਿਸ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ਦੇ ਸਫ਼ਰ ਨੂੰ ਸੁਚੱਜਾ ਤੇ ਸੁਰੱਖਿਅਤ ਬਣਾਉਣਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟੀਮ ਵੱਲੋਂ 2 ਸਕੂਲਾਂ ਦੀਆਂ ਕੁੱਲ 9 ਬੱਸਾਂ ਦੀ ਨਿਯਮਿਤ ਜਾਂਚ ਕੀਤੀ ਗਈ। ਜਾਂਚ ਦੌਰਾਨ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਜਿਵੇਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈਸ, ਪ੍ਰਦੂਸ਼ਣ ਪ੍ਰਮਾਣ ਪੱਤਰ, ਡਰਾਈਵਿੰਗ ਲਾਇਸੰਸ ਤੇ ਨਿਰਧਾਰਿਤ ਰੂਟਾਂ ਦੀ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਅੰਦਰ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ੇ, ਸੀਸੀਟੀਵੀ ਕੈਮਰੇ ਤੇ ਹੋਰ ਸੁਰੱਖਿਆ ਉਪਕਰਣਾਂ ਦੀ ਵੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੁਝ ਬੱਸਾਂ ’ਚ ਸੀਸੀਟੀਵੀ ਕੈਮਰੇ, ਫਸਟ ਏਡ ਕਿੱਟ, ਰੋਡ ਟੈਕਸ, ਪ੍ਰਦੂਸ਼ਣ ਤੇ ਵਰਦੀ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ। ਸੁਰੱਖਿਆ ਪ੍ਰਬੰਧਾਂ ’ਚ ਕਮੀਆਂ ਪਾਏ ਜਾਣ ’ਤੇ 4 ਸਕੂਲੀ ਬੱਸਾਂ ਦੇ ਚਾਲਾਨ ਕੀਤੇ ਗਏ। ਸੰਬੰਧਿਤ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਇਹ ਕਮੀਆਂ ਤੁਰੰਤ ਦੂਰ ਕਰਨ ਤੇ ਭਵਿੱਖ ’ਚ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਕਿਹਾ, ‘ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ ਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’ ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਆਉਣ ਵਾਲੇ ਸਮੇਂ ’ਚ ਵੀ ਲਗਾਤਾਰ ਜਾਰੀ ਰਹਿਣਗੀਆਂ। ਇਸ ਚੈਕਿੰਗ ਟੀਮ ’ਚ ਖੇਤਰੀ ਟਰਾਂਸਪੋਰਟ ਅਥਾਰਟੀ ਤੇ ਟ੍ਰੈਫਿਕ ਪੁਲਿਸ ਵਿਭਾਗ ਵੱਲੋਂ ਟ੍ਰੈਫਿਕ ਇੰਚਾਰਜ ਗੁਰਚਰਨ ਸਿੰਘ (ਏ.ਐੱਸ.ਆਈ.) ਤੇ ਰਮਨਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਲੱਖਾ ਸਿੰਘ (ਸੋਸ਼ਲ ਵਰਕਰ) ਤੇ ਰੁਪਿੰਦਰ ਸਿੰਘ ਰੰਧਾਵਾ (ਕੌਂਸਲਰ) ਤੇ ਸਿੱਖਿਆ ਵਿਭਾਗ ਤੋਂ ਨੀਰਜ ਕੁਮਾਰ ਸ਼ਾਮਲ ਸਨ।