- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂਕੁਲ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਗੁਰੂਕੁਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸਪਲ ਪ੍ਰਸ਼ਾਂਤ ਸਿੰਘ, ਚੇਅਰਮੈਨ ਰੋਹਿਤ ਗਰਗ ਭਦੌੜ, ਮੈਡਮ ਆਂਚਲ ਗਰਗ ਦੀ ਅਗਵਾਈ ਹੇਠ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ । ਜਿਨ੍ਹਾਂ ’ਚ ਪੰਜਾਬੀ ਭਾਸ਼ਾ ਨਾਲ ਸਬੰਧਤ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਅਤੇ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਵਿਸ਼ੇਸ਼ ਰਹੇ।
ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਸੁੰਦਰ ਪੋਸਟਰ ਤਿਆਰ ਕੀਤੇ। ਇਸ ਤੋਂ ਇਲਾਵਾ ਸੁੰਦਰ ਲਿਖਾਈ ਮੁਕਾਬਲੇ ’ਚ ਬੱਚਿਆਂ ਨੇ ਪੰਜਾਬੀ ਅੱਖਰਾਂ ਦੀ ਸਹੀ ਬਣਤਰ, ਸਾਫ਼-ਸੁਥਰੀ ਤੇ ਆਕਰਸ਼ਕ ਲਿਖਾਈ ਦਾ ਪ੍ਰਦਰਸ਼ਨ ਕੀਤਾ। ਯੂ.ਕੇ.ਜੀ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਐਲਕੇਜੀ ਕਲਾਸ ਦੇ ਸੁਖਮਨ ਸਿੰਘ ਭੁੱਲਰ ਨੇ ਪੂਰੀ ਪੈਂਤੀ ਸੁਣਾ ਕੇ ਪੰਜਾਬੀ ਭਾਸ਼ਾ ਨਾਲ ਜੁੜ ਕੇ ਰਹਿਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਪੰਜਾਬੀ ਅਧਿਆਪਕਾ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਆਪਣੀ ਮਾਂ-ਬੋਲੀ ਨਾਲ ਪਿਆਰ ਅਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਰੋਹਿਤ ਗਰਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।