ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫ਼ਾਰਮ ਭਰਨ ਵਾਲੀਆਂ ਸਖੀਆਂ ਸਨਮਾਨਿਤ ਬਰਨਾਲਾ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫ਼ਾਰਮ ਭਰਨ ਵਾਲੀਆਂ ਸਖੀਆਂ ਦਾ ਵਿਸ਼ੇਸ਼ ਸਨਮਾਨ, ਐਮਪੀ ਮੀਤ ਹੇਅਰ ਰਹੇ ਮੌਜੂਦ
Publish Date: Sat, 26 Sep 2026 05:20 PM (IST)
Updated Date: Sun, 27 Sep 2026 04:04 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਵਿਖੇ ਵਿਸ਼ੇਸ਼ ਮਹਿਲਾ ਸਨਮਾਨ-ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਮਕਸਦ ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੇ ਫ਼ਾਰਮ ਭਰਨ ਵਾਲੀਆਂ ਸਖੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕਰਨਾ ਸੀ। ਇਸ ਮੌਕੇ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਹਿਲਾ ਨੁਮਾਇੰਦੇ ਵੀ ਮੌਜੂਦ ਰਹੇ। ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰੀ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ’ਚ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਕਹਿਰ ਦੀ ਗਰਮੀ ਦੇ ਬਾਵਜੂਦ ਇਨ੍ਹਾਂ ਮਹਿਲਾ ਵਰਕਰਾਂ ਨੇ ਪਿੰਡਾਂ ਤੇ ਮੁਹੱਲਿਆਂ ’ਚ ਘਰ-ਘਰ ਜਾ ਕੇ ਫ਼ਾਰਮ ਭਰੇ, ਜਿਸ ਨਾਲ ਵੱਡੀ ਗਿਣਤੀ ’ਚ ਔਰਤਾਂ ਨੂੰ ਯੋਜਨਾ ਦਾ ਲਾਭ ਲੈਣ ਲਈ ਰਜਿਸਟਰ ਕੀਤਾ ਗਿਆ। ਮਹਿਲਾ ਵਿੰਗ ਦੀ ਪ੍ਰਮੁੱਖ ਆਗੂ ਨਿਸ਼ਾ ਸ਼ਰਮਾ ਨੇ ਦੱਸਿਆ ਕਿ ਇਕੱਲੇ ਬਰਨਾਲਾ ਵਿਧਾਨ ਸਭਾ ਹਲਕੇ ’ਚ ਤਕਰੀਬਨ 64 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ’ਚ ਯੋਜਨਾ ਦੀ ਪਹਿਲੀ ਕਿਸ਼ਤ ਵਜੋਂ ਤਿੰਨ-ਤਿੰਨ ਹਜ਼ਾਰ ਰੁਪਏ ਦੀ ਰਕਮ ਟਰਾਂਸਫ਼ਰ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 1 ਅਕਤੂਬਰ ਨੂੰ ਯੋਜਨਾ ਦੀ ਦੂਜੀ ਕਿਸ਼ਤ ਵੀ ਲਾਭਪਾਤਰੀਆਂ ਦੇ ਖਾਤਿਆਂ ’ਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਖੀਆਂ ਦੀ ਮਿਹਨਤ ਨੂੰ ਦੇਖਦਿਆਂ ਭਵਿੱਖ ’ਚ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀਆਂ, ਕੰਮ ਅਤੇ ਬਣਦਾ ਮਾਣ-ਭੱਤਾ ਦੇਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਲਾਭਪਾਤਰੀ ਔਰਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ, ਬਿਜਲੀ ਬਿੱਲਾਂ ’ਚ ਰਾਹਤ ਤੇ ਹੋਰ ਕਲਿਆਣਕਾਰੀ ਯੋਜਨਾਵਾਂ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਿਆ ਹੈ। ਸਮਾਗਮ ਦੌਰਾਨ ਮਹਿਲਾ ਆਗੂਆਂ ਨੇ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ’ਚ ਲਿਆਉਣ ਦਾ ਸੱਦਾ ਵੀ ਦਿੱਤਾ।