ਐਸਆਈਆਰ ਖ਼ਿਲਾਫ਼ ਕਾਂਗਰਸੀਆਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਮੁਜ਼ਾਹਰਾ ਐਸਆਈਆਰ ਦੇ ਵਿਰੋਧ ’ਚ ਕਾਂਗਰਸੀਆਂ ਨੇ ਡੀਸੀ ਦਫ਼ਤਰ ਅੱਗੇ ਫੂਕੀ ਮੋਦੀ ਸਰਕਾਰ ਦੀ ਅਰਥੀ
Publish Date: Mon, 28 Sep 2026 04:50 PM (IST)
Updated Date: Tue, 29 Sep 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਐੱਸਆਈਆਰ ਦੇ ਵਿਰੋਧ ’ਚ ਕਾਂਗਰਸ ਪਾਰਟੀ ਵੱਲੋਂ ਡੀਸੀ ਦਫ਼ਤਰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕੀ। ਇਸ ਮੌਕੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਐੱਸਆਈਆਰ ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨਾਲ ਸਬੰਧਤ ਕਿਸੇ ਵੀ ਪ੍ਰਕਿਰਿਆ ’ਚ ਪਾਰਦਰਸ਼ਤਾ ਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਐੱਸਆਈਆਰ ਰਾਹੀਂ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ’ਚੋਂ ਨਹੀਂ ਕੱਟਿਆ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤੇ ਲੋਕਾਂ ਦੀਆਂ ਸ਼ੰਕਾਵਾਂ ਦੂਰ ਕੀਤੀਆਂ ਜਾਣ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਅਰਥੀ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਬੁਲਾ ਦਿੱਤਾ ਹੈ ਤੇ ਸ਼ਹੀਦਾਂ ਦੀ ਜੋ ਸੋਚ ਸੀ ਉਸ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਮਹੇੇਸ ਕੁਮਾਰ ਲੋਟਾ, ਸਾਬਕਾ ਚੇਅਰਮੈਨ ਮੱਖਣ ਸ਼ਰਮਾ ਐਡਵੋਕੇਟ ਜਸਵੀਰ ਸਿੰਘ, ਬਿੱਟੂ ਸ਼ਰਮਾ ਆਦਿ ਤੋਂ ਇਲਾਵਾ ਕਾਂਗਰਸ ਦੇ ਸਥਾਨਕ ਆਗੂ, ਅਹੁਦੇਦਾਰ ਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।