- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਸੰਸਥਾ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ’ਚ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਮਿੱਠੂ ਪਾਠਕ, ਪ੍ਰੋ ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਡਾ. ਨਿਰਪਾਲ ਸਿੰਘ ਦੀ ਦੇਖਰੇਖ ਹੇਠ ਕਾਲਜ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੈਡਮ ਹਰਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮੈਡਮ ਹਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਕੂੜੇ ਦਾ ਸਹੀ ਨਿਪਟਾਰਾ ਤੇ ਸਰੋਤ ਪੱਧਰ ’ਤੇ ਗਿੱਲੇ ਤੇ ਸੁੱਕੇ ਕੂੜੇ ਦੀ ਵੱਖ-ਵੱਖ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਘਟਾਓ, ਮੁੜ ਵਰਤੋਂ ਤੇ ਮੁੜ-ਚੱਕਰੀਕਰਨ ਦੇ ਸਿਧਾਂਤਾਂ ਨੂੰ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਪਲਾਸਟਿਕ ਦੀ ਵੱਧ ਰਹੀ ਵਰਤੋਂ ਤੇ ਕੂੜੇ ਨੂੰ ਬੇਤਰਤੀਬ ਢੰਗ ਨਾਲ ਸੁੱਟਣ ਕਾਰਨ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੁੱਲ 73 ਐਨ.ਐਸ.ਐਸ. ਵਲੰਟੀਅਰਾਂ ਨੇ ਭਾਗ ਲਿਆ। ਕਾਲਜ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਕੂੜੇ ਦੀ ਸਹੀ ਛਾਂਟੀ ਕਰਨ ਤੇ ਵਾਤਾਵਰਣ ਦੀ ਸੰਭਾਲ ’ਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਸਾਫ਼-ਸੁਥਰੇ ਤੇ ਟਿਕਾਊ ਵਾਤਾਵਰਣ ਦੀ ਸਿਰਜਣਾ ਲਈ ਵਿਦਿਆਰਥੀਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਸੀ।