- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਖੇਤੀਬਾੜੀ ਵਿਭਾਗ ਵੱਲੋਂ ‘ਪਰਾਲੀ ਸੰਭਾਲ ਮੁਹਿੰਮ’ ਅਧੀਨ ਚਲਾਈਆਂ ਗਈਆਂ ਇਹ ਵੈਨਾਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਾਰੇ ਬਲਾਕਾਂ ’ਚ ਪਿੰਡ-ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 5,170 ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਚੁੱਕੀਆਂ ਹਨ ਤੇ ਜਿਨ੍ਹਾਂ ’ਚ ਇਸ ਸਾਲ ਵੀ ਕਿਸਾਨਾਂ ਵੱਲੋਂ ਲੱਗਭੱਗ 920 ਮਸ਼ੀਨਾਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ‘ਲੱਕੀ ਡਰਾਅ’ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਲਈ ਕਿਸਾਨ ਅਪਲਾਈ ਕਰ ਸਕਦੇ ਹਨ।ਇਸ ਮੌਕੇ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ, ਏਡੀਸੀ (ਜਨਰਲ) ਵਿਵੇਕ ਕੁਮਾਰ ਮੋਦੀ, ਸਹਾਇਕ ਖੇਤੀਬਾੜੀ ਇਜੀਨੀਅਰ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ (ਪਰਾਲੀ ਪ੍ਰਬੰਧਨ) ਸੁਨੀਤਾ ਸ਼ਰਮਾ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।