- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ,ਜੇਲ੍ਹ ਦੀਆਂ ਬੈਰਕਾਂ, ਰਸੋਈ ਘਰ ਤੇ ਹੋਰ ਸਹੂਲਤਾਂ ਦੀ ਚੈਕਿੰਗ

-ਜੇਲ੍ਹ ਦੀਆਂ ਬੈਰਕਾਂ, ਰਸੋਈ ਘਰ ਤੇ ਹੋਰ ਸਹੂਲਤਾਂ ਦੀ ਚੈਕਿੰਗ
-ਬੰਦੀਆਂ ਨੂੰ ਈ-ਕਿਊਸਕ ਦੀ ਸਹੂਲਤ ਦਿੱਤੀ, ਕਾਨੂੰਨੀ ਸੇਵਾਵਾਂ ਬਾਰੇ ਮਿਲੇਗੀ ਜਾਣਕਾਰੀ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੀ ਹਾਜ਼ਰ ਸਨ। ਦੌਰੇ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਵੱਲੋਂ ਜੇਲ੍ਹ ਬੰਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ ਗਿਆ ਤੇ ਉਨ੍ਹਾਂ ਨੂੰ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਦੀਆਂ ਬੈਰਕਾਂ, ਰਸੋਈ ਘਰ ਤੇ ਹੋਰ ਸਹੂਲਤਾਂ ਦੀ ਚੈਕਿੰਗ ਕਰਕੇ ਸਫ਼ਾਈ-ਸਫ਼ਾਈ ਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਮਾਣਯੋਗ ਹਾਈਕੋਰਟ ਤੇ ਮਾਣਯੋਗ ਸੁਪਰੀਮ ਕੋਰਟ ’ਚ ਅਪੀਲ ਕਰਨ ਦੀ ਪ੍ਰਕਿਰਿਆ ਤੇ ਅਪੀਲ ਦਾਇਰ ਕਰਨ ਲਈ ਨਿਰਧਾਰਤ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਲੀਗਲ ਏਡ ਕਲੀਨਿਕ ਚਲਾਇਆ ਜਾ ਰਿਹਾ ਹੈ, ਜਿੱਥੇ ਪੈਰਾ ਲੀਗਲ ਵਲੰਟੀਅਰ ਦੀ ਨਿਯੁਕਤੀ ਕੀਤੀ ਗਈ ਹੈ। ਬੰਦੀ ਆਪਣੇ ਕੇਸਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਸਹਾਇਤਾ ਇਸ ਲੀਗਲ ਏਡ ਕਲੀਨਿਕ ਰਾਹੀਂ ਪ੍ਰਾਪਤ ਕਰ ਸਕਦੇ ਹਨ।
ਦੌਰੇ ਦੌਰਾਨ ਜੇਲ੍ਹ ਬੰਦੀਆਂ ਦੀ ਭਲਾਈ ਤੇ ਜੇਲ੍ਹ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਨੂੰ ਇੱਕ ਐਂਬੂਲੈਂਸ ਪ੍ਰਦਾਨ ਕੀਤੀ ਗਈ ਹੈ। ਜੇਲ੍ਹ ਦੇ ਹਵਾਦਾਰੀ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ 30 ਐਗਜ਼ਾਸਟ ਫੈਨ ਵੀ ਲਗਾਏ ਗਏ ਹਨ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਈ-ਕਿਓਸਕ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ, ਜਿਸ ਰਾਹੀਂ ਬੰਦੀਆਂ ਨੂੰ ਕਾਨੂੰਨੀ ਸੇਵਾਵਾਂ ਅਤੇ ਲੋੜੀਂਦੀ ਜਾਣਕਾਰੀ ਤੱਕ ਪਹੁੰਚ ਪ੍ਰਾਪਤ ਕਰਨ ’ਚ ਸਹੂਲਤ ਹੋਵੇਗੀ।