- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੇ ਆੜ੍ਹਤੀਆਂ ਨੇ ਚੇਅਰਮੈਨ ਸੰਘੇੜਾ ਦਾ ਕੀਤਾ ਸਨਮਾਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਨਾਲ ਹੀ ਬਰਨਾਲਾ ਦੀ ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਇੱਕ ਅਹਿਮ ਮੀਟਿੰਗ ਕ੍ਰਿਸ਼ਨ ਕੁਮਾਰ ਬਿੱਟੂ, ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੀਟਿੰਗ ’ਚ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਸਮੇਤ ਮੰਡੀ ਨਾਲ ਜੁੜੇ ਪ੍ਰਮੁੱਖ ਅਹੁਦੇਦਾਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਉਪ ਚੇਅਰਮੈਨ ਧੀਰਜ ਦੱਧਾਹੂਰ, 150 ਤੋਂ ਵੱਧ ਆੜ੍ਹਤੀਆਂ ਤੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੰਡੀਆਂ ’ਚ ਖਰੀਦ ਪ੍ਰਬੰਧ, ਮਜ਼ਦੂਰਾਂ ਦੀ ਘਾਟ, ਟਰਾਂਸਪੋਰਟ ਦੀ ਉਪਲੱਬਧਤਾ ਤੇ ਆੜ੍ਹਤੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
----
ਝੋਨੇ ਦੀ ਖਰੀਦ ਦਾ ਟੀਚਾ ਤੇ ਕੈਸ਼ ਕ੍ਰੈਡਿਟ ਲਿਮਿਟ
ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਇਸ ਵਾਰ ਪੰਜਾਬ ’ਚ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲੋੜੀਂਦੀ ਕੈਸ਼ ਕ੍ਰੈਡਿਟ ਲਿਮਿਟ (ਸੀਸੀਐੱਲ) ਵੀ ਸਰਕਾਰ ਕੋਲ ਪਹੁੰਚ ਚੁੱਕੀ ਹੈ। ਇਸ ਮੌਕੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ’ਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਸਮੇਂ ਸਿਰ ਆਉਣੀ ਸ਼ੁਰੂ ਹੋ ਜਾਵੇਗੀ ਤੇ ਮੰਡੀਆਂ ’ਚ ਆਉਣ ਵਾਲੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ।
---
ਆੜ੍ਹਤੀਆਂ ਨੇ ਚੁੱਕੀਆਂ ਪ੍ਰਮੁੱਖ ਮੰਗਾਂ
ਮੀਟਿੰਗ ਦੌਰਾਨ ਆੜ੍ਹਤੀਆਂ ਨੇ ਮਜ਼ਦੂਰਾਂ ਦੀ ਭਾਰੀ ਘਾਟ, ਘੱਟ ਮਜ਼ਦੂਰੀ ਦਰ, ਟਰੱਕਾਂ ਦੀ ਸੁਚਾਰੂ ਉਪਲੱਬਧਤਾ ਤੇ ਅਨਲੋਡਿੰਗ ਦੇ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆੜ੍ਹਤ (ਕਮਿਸ਼ਨ) ਵਧਾ ਕੇ 2.5 ਫੀਸਦੀ ਕੀਤੀ ਜਾਵੇ ਤੇ ਮਜ਼ਦੂਰਾਂ ਦੀਆਂ ਮਜ਼ਦੂਰੀ ਦਰਾਂ ’ਚ ਵੀ ਉਚਿਤ ਵਾਧਾ ਕੀਤਾ ਜਾਵੇ। ਇਸ ਮੌਕੇ ਧੀਰਜ ਦੱਧਾਹੂਰ ਨੇ ਕਿਹਾ ਕਿ ਸੀਜਨ ਦੌਰਾਨ ਕਿਸੇ ਵੀ ਆੜ੍ਹਤੀ, ਕਿਸਾਨ ਜਾਂ ਮਜ਼ਦੂਰ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
------
ਕਿਸਾਨਾਂ ਤੇ ਆੜ੍ਹਤੀਆਂ ਨੂੰ ਅਪੀਲ
ਮੀਟਿੰਗ ’ਚ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਤੇ ਸਾਫ਼ ਕਰਕੇ ਹੀ ਮੰਡੀਆਂ ’ਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇਸ ਦੇ ਨਾਲ ਹੀ ਆੜ੍ਹਤੀਆਂ ਨੇ ਸਪੱਸ਼ਟ ਕੀਤਾ ਕਿ ਮੰਡੀਆਂ ’ਚ ਸਿਰਫ਼ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਹੀ ਖਰੀਦ ਲਈ ਲਿਆਂਦੀ ਜਾਣੀ ਚਾਹੀਦੀ ਹੈ। ਝੋਨੇ ਦੇ ਖਰੀਦ ਸੀਜ਼ਨ ਦੌਰਾਨ ਬਰਨਾਲਾ ਮੰਡੀ ’ਚ ਹੋਈ ਇਸ ਮੀਟਿੰਗ ਦੌਰਾਨ ਆੜ੍ਹਤੀਆਂ ਨੇ ਸਰਕਾਰੀ ਖਰੀਦ ਪ੍ਰਬੰਧਾਂ ’ਤੇ ਸੰਤੋਸ਼ ਜ਼ਾਹਰ ਕਰਦਿਆਂ ਮਜ਼ਦੂਰਾਂ, ਟਰਾਂਸਪੋਰਟ ਤੇ ਆੜ੍ਹਤ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ।
--------
ਪ੍ਰਸ਼ਾਸਨਿਕ ਭਰੋਸਾ ਤੇ ਹੋਰ ਹਾਜ਼ਰ ਸ਼ਖ਼ਸੀਅਤਾਂ
ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਤੇ ਸਬੰਧਤ ਅਧਿਕਾਰੀਆਂ ਨੇ ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਖਰੀਦ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੀਟਿੰਗ ’ਚ ਧੀਰਜ ਕੁਮਾਰ ਦੱਧਾਹੂਰ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸ਼ਰਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਵੀਨ ਬਾਸਲ, ਮਨੋਹਰ ਸਹੋਰੀਆ, ਇਕਬਾਲ ਸਿੰਘ ਸਰਾ, ਵਿਸ਼ਵ ਵਿਜੇ, ਜਿੰਮੀ ਗੋਇਲ, ਯੋਗੇਸ਼, ਗੌਰਵ ਕੁਮਾਰ ਗੁਗਨਾ, ਭੂਸ਼ਣ ਬੰਸਲ, ਰਾਜੇਸ਼ ਸਿੰਗਲ, ਅਮਰਜੀਤ ਕਲਕੇ, ਪਵਨ ਅਰੋੜਾ ਸਮੇਤ ਕਈ ਪਤਵੰਤੇ ਹਾਜ਼ਰ ਸਨ।