- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਵੰਤ ਸਿੰਘ ਟਿੱਬਾ ਨੇ ਦਿੱਤੀ ਪੀੜ੍ਹਤ ਪਰਿਵਾਰ ਨੂੰ ਆਰਥਿਕ ਸਹਾਇਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਪਿੰਡ ਹਮੀਦੀ ਵਿਖੇ ਬੀਤੇ ਦਿਨੀਂ ਦਲਿਤ ਭਾਈਚਾਰੇ ਨਾਲ ਸਬੰਧਤ ਇੱਕ ਲੋੜਵੰਦ ਪਰਿਵਾਰ ਦੇ ਘਰ ’ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ ਕਾਰਨ ਘਰ ’ਚ ਪਿਆ ਕੀਮਤੀ ਘਰੇਲੂ ਸਾਮਾਨ, ਕੱਪੜੇ ਤੇ ਪਰਿਵਾਰ ਦੇ ਜ਼ਰੂਰੀ ਦਸਤਾਵੇਜ਼ ਤੱਕ ਸੜਕੇ ਸੁਆਹ ਹੋ ਗਿਆ, ਜਿਸ ਕਾਰਨ ਪੀੜਤ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਘਰ ’ਚ ਪਈਆਂ ਅਲਮਾਰੀਆਂ, ਬੈੱਡ, ਐੱਲਸੀਡੀ, ਕੱਪੜੇ ਅਤੇ ਹੋਰ ਘਰੇਲੂ ਵਰਤੋਂ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਨਸ਼ਟ ਹੋ ਗਿਆ। ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਦੀ ਮੱਦਦ ਲਈ ‘ਹੋਪ ਫਾਰ ਮਹਿਲ ਕਲਾਂ’ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਪਿੰਡ ਹਮੀਦੀ ਵਿਖੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਰਥਿਕ ਸਹਾਇਤਾ ਦਿੱਤੀ ਤੇ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਇਸ ਔਖੀ ਘੜੀ ’ਚ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਲੋੜ ਅਨੁਸਾਰ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਕੁਲਵੰਤ ਸਿੰਘ ਟਿੱਬਾ ਨੇ ਵਿਸ਼ੇਸ਼ ਤੌਰ ’ਤੇ ਪਰਿਵਾਰ ਦੇ ਬੱਚਿਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਨਾ ਹੋਣ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਜਾਰੀ ਰੱਖਣ ਲਈ ਵੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਪਰਿਵਾਰ ’ਤੇ ਅਜਿਹੀ ਮੁਸੀਬਤ ਆਉਣ ਸਮੇਂ ਸਮਾਜ ਦੇ ਸਮਰੱਥ ਲੋਕਾਂ ਨੂੰ ਆਪਣੀ ਸਮਰੱਥਾ ਅਨੁਸਾਰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਵੀ ਮੰਗ ਕੀਤੀ ਕਿ ਅੱਗ ਕਾਰਨ ਹੋਏ ਨੁਕਸਾਨ ਦੀ ਯੋਗ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਬਣਦੀ ਸਰਕਾਰੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ, ਤਾਂ ਜੋ ਪਰਿਵਾਰ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋਣ ’ਚ ਕੁਝ ਰਾਹਤ ਮਿਲ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ ਤੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਪਰਿਵਾਰ ਦੀ ਮੱਦਦ ਲਈ ਅੱਗੇ ਆਉਣ। ਪਿੰਡ ਵਾਸੀਆਂ ਨੇ ਕੁਲਵੰਤ ਸਿੰਘ ਟਿੱਬਾ ਵੱਲੋਂ ਕੀਤੇ ਸਹਾਇਤਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਮਾਂਗਟ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪੰਚ ਏਕਮ ਸਿੰਘ ਦਿਓਲ, ਹਰਬੰਸ ਸਿੰਘ ਗੁਰਮਾ ਵਾਲੇ, ਬਲਾਕ ਸੰਮਤੀ ਮੈਂਬਰ ਤਰਸੇਮ ਸਿੰਘ ਸਹੋਤਾ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ, ਗੁਰਪਿਆਰ ਸਿੰਘ ਟਿੱਬਾ,ਕਮਲਜੀਤ ਸਿੰਘ ਛੀਨੀਵਾਲੀਆ, ਬਿੱਕਰ ਸਿੰਘ ਕੰਡਾਰੇ ਹਾਜ਼ਰ ਸਨ ।