- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਫ਼ਤਰਾਂ ਨੂੰ ਲਗਾਏ ਤਾਲੇ, ਰੋਡ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਡੀਸੀ ਦਫ਼ਤਰ ਬਰਨਾਲਾ ਦਾ ਦਿਨ-ਰਾਤ ਘਿਰਾਓ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ ਤੇ ਮਾਵਾਂ-ਭੈਣਾਂ ਕਾਫ਼ਲਿਆਂ ਦੇ ਰੂਪ ’ਚ ਪਹੁੰਚੇ ਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਪਣੇ ਦਫ਼ਤਰਾਂ ਨੂੰ ਤਾਲੇ ਲਗਾ ਦਿੱਤੇ ਗਏ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਹੰਡਿਆਇਆ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ 30 ਸਤੰਬਰ ਤੋਂ 14 ਨਵੰਬਰ ਤੱਕ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤੇ ਗਏ ਸਨ, ਪਰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਪ੍ਰਸ਼ਾਸਨ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਡੀਸੀ ਦਫ਼ਤਰ ਦਾ ਪੂਰਨ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ।
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਮੁੱਢੋਂ ਰੱਦ ਕਰਨ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਨ, ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਸੂਦਖੋਰੀ ਨੂੰ ਨੱਥ ਪਾਉਣ ਲਈ ਕਰਜ਼ਾ ਕਾਨੂੰਨ ਲਿਆਉਣ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਅਤੇ ਸੰਘਰਸ਼ਾਂ ਦੌਰਾਨ ਦਰਜ ਝੂਠੇ ਪੁਲਿਸ ਕੇਸ ਤੇ ਪਰਾਲੀ ਸਾੜਨ ਸਬੰਧੀ ਦਰਜ ਪਰਚੇ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਸਮਝੌਤਾ ਖੇਤੀਬਾੜੀ, ਸਨਅਤੀ ਤੇ ਪਰਚੂਨ ਖੇਤਰ ਲਈ ਨੁਕਸਾਨਦੇਹ ਸਾਬਤ ਹੋਵੇਗਾ ਅਤੇ ਦੇਸ਼ ’ਚ ਬੇਰੁਜ਼ਗਾਰੀ ਤੇ ਮਹਿੰਗਾਈ ਵਧੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਖਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਬਲਾਕ ਆਗੂ ਨਰਿੱਪਜੀਤ, ਜਰਨੈਲ ਸਿੰਘ ਜਵੰਧਾ, ਬੂਟਾ ਸਿੰਘ ਗੰਡੇਵਾਲ, ਨਾਜ਼ਰ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ, ਰਾਮ ਸਿੰਘ ਸੰਘੇੜਾ, ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ ਧਨੌਲਾ, ਅਮਰਜੀਤ ਬਡਬਡ, ਕੁਲਵੰਤ ਕੌਰ ਭੋਤਨਾ, ਰਣਜੀਤ ਕੌਰ ਪੱਤੀ, ਮਨਜੀਤ ਕੌਰ, ਨਵਦੀਪ ਕੌਰ ਪੰਜਗਰਾਈਂ, ਸੁਖਦੇਵ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਪਰਮਜੀਤ ਕੌਰ ਹਮੀਦੀ ਆਦਿ ਹਾਜ਼ਰ ਸਨ।
ਦੇਰ ਸ਼ਾਮ ਕਿਸਾਨਾਂ ਅਤੇ ਮਾਵਾਂ-ਭੈਣਾਂ ਵੱਲੋਂ ਡੀਸੀ ਕੰਪਲੈਕਸ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿੱਟ ਸਿਆਪਾ ਕਰਦਿਆਂ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ।