- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਨਾਲ ਮੀਟਿੰਗਾਂ ਮੁਲਤਵੀ ਹੋਣ ’ਤੇ ਰੋਸ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ :ਪੰਜਾਬ ’ਚ ਲੰਬੇ ਸਮੇਂ ਤੋਂ ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਸਮੂਹ ਐਨਐਚਐਮ ਮੁਲਾਜ਼ਮਾਂ ਦੀਆਂ ਲਟਕਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਦੇ ਵਿੱਤ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀਆਂ ਮੀਟਿੰਗਾਂ ਲਗਾਤਾਰ ਮੁਲਤਵੀ ਕੀਤੇ ਜਾਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਜਥੇਬੰਦੀ ਨੇ ਸਰਕਾਰ ’ਤੇ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਤੇ ਮਾਮਲੇ ਨੂੰ ਲਗਾਤਾਰ ਲਟਕਾਉਣ ਦੇ ਦੋਸ਼ ਲਗਾਏ ਹਨ। ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਪਹਿਲਾਂ ਹੀ ਤਿੰਨ ਵਾਰ ਮੁਲਤਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਿਹਤ ਮੰਤਰੀ ਪੰਜਾਬ ਨਾਲ 5 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਰਵੱਈਏ ਦੇ ਵਿਰੋਧ ’ਚ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਧੂਰੀ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਸਬੰਧੀ ਪਰਚੇ ਵੰਡ ਕੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਨਹੀਂ ਮਿਲ ਰਹੀਆਂ ਤੇ ਮੀਟਿੰਗਾਂ ਦੌਰਾਨ ਵਾਰ-ਵਾਰ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਪੱਕਾ ਹੱਲ ਨਾ ਕੀਤਾ ਤੇ ਤਨਖਾਹਾਂ ਸਮੇਂ ਸਿਰ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।