ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾਅ ਰਹੇ : ਨਰਿੰਦਰ ਗਰਗ ਨੀਟਾ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰੀਆਂ ਦਾ ਅੱਡਾ, ਭਗਵੰਤ ਮਾਨ ਕਰ ਰਹੇ ਨੇ ਬਚਾਅ : ਨਰਿੰਦਰ ਗਰਗ ਨੀਟਾ
Publish Date: Tue, 06 Oct 2026 04:36 PM (IST)
Updated Date: Wed, 07 Oct 2026 04:05 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰ ਦਿੰਦਿਆਂ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਥਿਤ ਤੌਰ ’ਤੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਘੁੰਮਣ ਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ। ਨਰਿੰਦਰ ਗਰਗ ਨੀਟਾ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ’ਚ ਲਗਾਏ ਗਏ ‘ਇਮਾਨਦਾਰ ਮੁੱਖ ਮੰਤਰੀ’ ਦੇ ਫਲੈਕਸ ਬੋਰਡਾਂ ਨੂੰ ਹੁਣ ‘ਬੇਈਮਾਨ ਮੁੱਖ ਮੰਤਰੀ’ ਦੇ ਬੋਰਡਾਂ ਨਾਲ ਬਦਲ ਦੇਣਾ ਚਾਹੀਦਾ ਹੈ। ਭਾਜਪਾ ਆਗੂ ਨੇ ਦੱਸਿਆ ਕਿ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਨੇ ਮਾਮਲੇ ਦੀ ਐੱਫਆਈਆਰ ਦਰਜ ਨਹੀਂ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਖ਼ੁਦ ਨੂੰ ਇਮਾਨਦਾਰ ਮੰਨਦੀ ਹੈ ਤਾਂ ਉਹ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ? ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਮਾਮਲਿਆਂ ’ਚ ਘਿਰ ਚੁੱਕੇ ਹਨ, ਜਦੋਂਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਸਰਕਾਰੀ ਅਧਿਕਾਰੀ ਦੀ ਖ਼ੁਦਕੁਸ਼ੀ ਮਾਮਲੇ ’ਚ ਜੇਲ੍ਹ ਵੀ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਿਰਪੱਖ ਜਾਂਚ ਤੋਂ ਡਰਨ ਦੀ ਬਜਾਏ ਇਸ ਦਾ ਸਾਹਮਣਾ ਕਰਨਾ ਚਾਹੀਦਾ ਹੈ, ਕਿਉਂਕਿ ਹਾਈਕੋਰਟ ਦੇ ਫੈਸਲੇ ਨੇ ਸਰਕਾਰ ਦੀ ਅਸਲੀਅਤ ਜਨਤਾ ਸਾਹਮਣੇ ਨੰਗੀ ਕਰ ਦਿੱਤੀ ਹੈ।