ਵੋਟ ਚੋਰੀ ਤੇ ਐੱਸਆਈਆਰ ਦੇ ਵਿਰੋਧ ’ਚ ਕਾਂਗਰਸ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਵੋਟ ਚੋਰੀ ਤੇ ਐੱਸਆਈਆਰ ਦੇ ਵਿਰੋਧ ’ਚ ਕਾਂਗਰਸ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
Publish Date: Fri, 09 Oct 2026 04:01 PM (IST)
Updated Date: Sat, 10 Oct 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਵੋਟ ਚੋਰੀ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐੱਸਆਈਆਰ) ਦੇ ਵਿਰੋਧ ’ਚ ਬਰਨਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਦੇਸ਼ ’ਚ ਲੋਕਤੰਤਰਿਕ ਪ੍ਰਕਿਰਿਆ ਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਆਵਾਜ਼ ਉਠਾਉਣ ਵਾਲੇ ਆਗੂਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ----- ਲੋਕਤੰਤਰ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ: ਕਾਲਾ ਢਿੱਲੋਂ ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ ਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਬਚਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਵੋਟ ਚੋਰੀ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਕਾਂਗਰਸੀ ਆਗੂਆਂ ਨਾਲ ਧੱਕੇਸ਼ਾਹੀ ਕਰਨ ਦੀਆਂ ਕਾਰਵਾਈਆਂ ਨਿੰਦਣਯੋਗ ਹਨ। ਕਾਲਾ ਢਿੱਲੋਂ ਨੇ ਕਿਹਾ ਕਿ ਲੋਕਤੰਤਰ ’ਚ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਸਵਾਲ ਉਠਾਏ ਜਾਂਦੇ ਹਨ ਤਾਂ ਉਨ੍ਹਾਂ ਦਾ ਜਵਾਬ ਦੇਣ ਦੀ ਬਜਾਏ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕਰ ਰਹੀ ਹੈ। ਝੂਠੇ ਪਰਚਿਆਂ ਅਤੇ ਧੱਕੇਸ਼ਾਹੀ ਨਾਲ ਆਵਾਜ਼ ਨਹੀਂ ਦਬਾਈ ਜਾ ਸਕਦੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਯਾਦ ਰੱਖੇ ਕਿ ਝੂਠੇ ਪਰਚਿਆਂ ਤੇ ਧੱਕੇਸ਼ਾਹੀ ਨਾਲ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਵੋਟ ਚੋਰੀ ਤੇ ਐੱਸਆਈਆਰ ਦੇ ਮੁੱਦੇ ’ਤੇ ਕਾਂਗਰਸ ਦਾ ਸੰਘਰਸ਼ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਵਰਕਰਾਂ ਨੂੰ ਲੋਕਤੰਤਰ ਦੀ ਰਾਖੀ ਅਤੇ ਲੋਕਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਧਰਨੇ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਕਥਿਤ ਧੱਕੇਸ਼ਾਹੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਰਾਖੀ ਲਈ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।