ਬਰਨਾਲਾ ਵਿਖੇ ਇੰਡੀਆ ਗੱਠਜੋੜ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ ਬਰਨਾਲਾ ਵਿਖੇ ਇੰਡੀਆ ਗੱਠਜੋੜ ਵੱਲੋਂ ਰੋਸ ਧਰਨਾ, ਮੋਦੀ ਸਰਕਾਰ ਤੇ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ
Publish Date: Fri, 09 Oct 2026 04:08 PM (IST)
Updated Date: Sat, 10 Oct 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਇੰਡੀਆ ਗੱਠਜੋੜ ਦੇ ਸੱਦੇ ’ਤੇ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਤੇ ਚੋਣ ਕਮਿਸ਼ਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਠਜੋੜ ’ਚ ਸ਼ਾਮਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੀ ਪ੍ਰਧਾਨਗੀ ਸੀਪੀਆਈ ਦੇ ਸਾਥੀ ਜੁਗਰਾਜ ਰਾਮਾ, ਲਿਬਰੇਸ਼ਨ ਦੀ ਸਿੰਦਰ ਕੌਰ ਹਰੀਗੜ੍ਹ, ਕਾਂਗਰਸ ਦੇ ਮਹੇਸ਼ ਕੁਮਾਰ ਲੋਟਾ ਤੇ ਸੀਪੀਆਈ (ਐੱਮ.) ਦੇ ਕਾਮਰੇਡ ਰਾਜਿੰਦਰ ਸਿੰਘ ਕਾਹਨੇਕੇ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੀਪੀਆਈ (ਐੱਮ.) ਦੇ ਮੁਕੰਦ ਸਿੰਘ ਬਰਨਾਲਾ, ਸੀਪੀਆਈ ਦੇ ਖੁਸ਼ੀਆਂ ਸਿੰਘ ਬਰਨਾਲਾ ਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਕਾਮਰੇਡ ਗੁਰਪ੍ਰੀਤ ਰੂੜੇਕੇ ਸਮੇਤ ਹੋਰਨਾਂ ਆਗੂਆਂ ਨੇ ਚੋਣ ਕਮਿਸ਼ਨ ਦੀ ਸੁਤੰਤਰਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕਰਦਿਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਦੀ ਪ੍ਰਕਿਰਿਆ ਤੁਰੰਤ ਰੋਕਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਰੱਦ ਕਰਕੇ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਚੋਣਾਂ ਕਰਵਾਈਆਂ ਜਾਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ। ਆਗੂਆਂ ਨੇ ਵੋਟਰ ਸੂਚੀਆਂ ’ਚੋਂ ਕੱਟੇ ਗਏ ਯੋਗ ਵੋਟਰਾਂ ਦੇ ਨਾਂ ਮੁੜ ਦਰਜ ਕਰਨ ਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ ’ਚ ਤਬਦੀਲੀ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ ਦੀ ਨਿਰਪੱਖਤਾ ਤੇ ਖ਼ੁਦਮੁਖ਼ਤਿਆਰੀ ਬਹਾਲ ਹੋਣੀ ਜ਼ਰੂਰੀ ਹੈ। ਇਸ ਮੌਕੇ ਸਰਵਨ ਸਿੰਘ ਜੰਗੀਆਣਾ, ਬਿਹਾਰੀ ਲਾਲ, ਪਰਮਜੀਤ ਕੌਰ ਗੁੰਮਟੀ, ਹਾਕਮ ਸਿੰਘ ਭੁੱਲਰ ਤੇ ਸੁਖਜੰਟ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।