ਐੱਸਡੀਐੱਮ ਮਹਿਲ ਕਲਾਂ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਐੱਸਡੀਐੱਮ ਮਹਿਲ ਕਲਾਂ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
Publish Date: Fri, 09 Oct 2026 05:27 PM (IST)
Updated Date: Sat, 10 Oct 2026 04:03 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਤੇ ਇਸ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਮੁਕੰਮਲ ਠੱਲ੍ਹ ਪਾਉਣ ਲਈ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਖੇ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੇਅੰਤ ਸਿੰਘ ਨੇ ਸਬ-ਡਵੀਜ਼ਨ ਮਹਿਲ ਕਲਾਂ ਦੇ ਕਾਨੂੰਗੋਈ ਹਲਕਾ ਵਜੀਦਕੇ ਕਲਾਂ ਤੇ ਮਹਿਲ ਕਲਾਂ ਵਿਖੇ ਤਾਇਨਾਤ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਓਵਰਆਲ ਇੰਚਾਰਜਾਂ ਤੇ ਨੋਡਲ ਅਫ਼ਸਰਾਂ ਦੀਆਂ ਡਿਊਟੀਆਂ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਰੋਜ਼ਾਨਾ ਫੀਲਡ ’ਚ ਆਪਣੀ ਹਾਜ਼ਰੀ ਯਕੀਨੀ ਬਣਾਉਣ, ਕਿਸਾਨਾਂ ਨਾਲ ਨਿਰੰਤਰ ਤਾਲਮੇਲ ਰੱਖਣ ਤੇ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਵੱਧ ਮਾਮਲਿਆਂ ਵਾਲੇ ਹੌਟਸਪੌਟ ਪਿੰਡਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਅਜਿਹੇ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਤੌਰ ’ਤੇ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ ਤੇ ਪਿੰਡਾਂ ’ਚ ਜਾਗਰੂਕਤਾ ਕੈਂਪ ਤੇ ਮੀਟਿੰਗਾਂ ਕੀਤੀਆਂ ਜਾਣ। ਖੇਤੀਬਾੜੀ ਮਸ਼ੀਨਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਕੋਲ ਬੇਲਰ, ਹੈਪੀ ਸੀਡਰ ਆਦਿ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਮਸ਼ੀਨਰੀ ਦੀ ਉਪਲੱਬਧਤਾ ਤੇ ਸੰਪਰਕ ਨੰਬਰਾਂ ਸਬੰਧੀ ਜਾਣਕਾਰੀ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਸੈਕਟਰਾਂ ’ਚ ਕੰਟਰੋਲ ਰੂਮ ਸਥਾਪਿਤ ਕਰਨ, ਪਿੰਡਾਂ ਦੇ ਨੰਬਰਦਾਰਾਂ ਅਤੇ ਚੌਕੀਦਾਰਾਂ ਰਾਹੀਂ ਗੁਰੂ ਘਰਾਂ ਤੋਂ ਪਰਾਲੀ ਨਾ ਸਾੜਨ ਦੀ ਅਪੀਲ ਸਬੰਧੀ ਅਨਾਊਂਸਮੈਂਟ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਮਹਿਲ ਕਲਾਂ ਨੂੰ ਪਿੰਡਾਂ ਦੇ ਸਰਪੰਚਾਂ ਨਾਲ ਤਾਲਮੇਲ ਕਰਕੇ ਪਿੰਡ ਪੱਧਰ ’ਤੇ ਮੀਟਿੰਗਾਂ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਤਹਿਸੀਲਦਾਰ ਮਹਿਲ ਕਲਾਂ ਸੁਖਬੀਰ ਸਿੰਘ, ਬੀ.ਡੀ.ਪੀ.ਓ. ਰਾਜਿੰਦਰ ਸਿੰਘ, ਬਲਾਕ ਮੈਨੇਜਰ ਸਨਵਿੰਦਰਪਾਲ ਸਿੰਘ, ਐੱਸ.ਡੀ.ਓ. ਵਾਟਰ ਸਪਲਾਈ ਜਤਿੰਦਰ ਸਿੰਘ, ਜੇ.ਈ. ਕੁਲਵਿੰਦਰ ਸਿੰਘ, ਜੇ.ਈ. ਵਰਿੰਦਰ ਸਿੰਘ ਤੇ ਖੇਤੀਬਾੜੀ ਵਿਭਾਗ ਤੋਂ ਕੁਲਵੀਰ ਸਿੰਘ (ਏ.ਟੀ.ਐੱਮ.) ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।