- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜ੍ਹਤਾਲ ਕਰਦਿਆਂ ਫੂਕੀ ਪੰਜਾਬ ਸਰਕਾਰ ਦੀ ਅਰਥੀ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ :ਸੇਵਾ ਕੇਂਦਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸੋਮਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਤੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਖਿਲਾਫ਼ ਹੜਤਾਲ ਕਰਦਿਆਂ ਸੇਵਾ ਕੇਂਦਰ ਅੱਗੇ ਧਰਨਾ ਦਿੱਤਾ ਗਿਆ, ਉਪਰੰਤ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
---
ਜ਼ਿਲ੍ਹੇ ’ਚ 14 ਸੇਵਾ ਕੇਂਦਰਾਂ ’ਚ ਕੰਮ ਠੱਪ
ਜਾਣਕਾਰੀ ਅਨੁਸਾਰ ਬਰਨਾਲਾ ਜਿਲ੍ਹੇ ਅੰਦਰ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ, ਸ਼ਹਿਣਾ ਵਿਖੇ ਚੱਲ ਰਹੇ 14 ਦੇ ਕਰੀਬ ਸੇਵਾ ਕੇਂਦਰਾਂ ’ਚ ਸੋਮਵਾਰ ਨੂੰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਅਣਮਿਥੇ ਸਮੇਂ ਲਈ ਇੱਕ ਰੋਜ਼ਾ ਹੜਤਾਲ ਕੀਤੀ। ਇਸ ਮੌਕੇ ਸੇਵਾ ਕੇਂਦਰ ’ਚ ਕੰਮ ਕਰਦੇ ਮੁਲਾਜ਼ਮਾਂ ਰਣਜੀਤ ਸਿੰਘ, ਗੁਰਵਿੰਦਰ ਸਿੰਘ, ਵਾਇਸ ਪ੍ਰਧਾਨ ਗੁਰਵਿੰਦਰ ਕੌਰ, ਲਵਿੰਦਰਦੀਪ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ ਤੇ ਬੇਅੰਤ ਸਿੰਘ ਆਦਿ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਹਨ। ਅੱਜ ਦੇ ਮਹਿੰਗਾਈ ਦੇ ਦੌਰ ’ਚ ਉਨ੍ਹਾਂ ਦੀਆਂ ਤਨਖ਼ਾਹਾਂ ਘੱਟ ਹੋਣ ਕਾਰਨ ਉਨ੍ਹਾਂ ਨੂੰ ਘਰਾ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ। ਠੇਕੇਦਾਰੀ ਸਿਸਟਮ ਰਾਹੀਂ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਪਹਿਲਾਂ ਵੀ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਸਬੰਧੀ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਪਰ ਹੁਣ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਵਲੋਂ ਉਨ੍ਹਾਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਜੋ ਕਿ ਪੂਰਾ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖਾ਼ਹਾਂ ’ਚ 15 ਫ਼ੀਸਦੀ ਵਾਧਾ ਕੀਤਾ ਜਾਵੇ। ਮੁਲਾਜ਼ਮਾਂ ਦੀ ਤਨਖਾਹ ਸਮੇਂ ਸਿਰ ਪਾਈ ਜਾਵੇ। ਟੀਏ ਦਾ 5 ਮਹੀਨਿਆਂ ਦਾ ਬਕਾਇਆ ਮੁਲਾਜ਼ਮਾਂ ਦੇ ਖਾਤਿਆਂ ’ਚ ਪਾਇਆ ਜਾਵੇ, 10 ਲੱਖ ਵਾਲੇ ਕਾਰਡ ਬਣਾਉਣ ਦਾ ਢਾਈ ਮਹੀਨਿਆਂ ਦਾ ਬਕਾਇਆ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਇਹ ਇੱਕ ਰੋਜਾ ਹੜ੍ਹਤਾਲ ਕੀਤੀ ਗਈ ਹੈ। ਪਰ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੇ ਮੀਟਿੰਗ ਲਈ ਬੁਲਾਇਆ ਗਿਆ ਹੈ ਜੇਕਰ ਫਿ਼ਰ ਵੀ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਵਲੋਂ ਅਗਲਾ ਸੰਘਰਸ਼ ਵਿੱਢਿਆ ਜਾਵੇਗਾ।
: ਹੜਤਾਲ ਕਾਰਨ ਲੋਕ ਹੋਏ ਖੱਜਲ ਖੁਆਰ
ਜ਼ਿਕਰਯੋਗ ਹੈ ਕਿ ਤਹਿਸੀਲ ਅੰਦਰ ਬਣੇ ਸੇਵਾ ਕੇਂਦਰ ’ਚ ਰੋਜਾਨਾ ਵੱਡੀ ਗਿਣਤੀ ’ਚ ਲੋਕ ਆਪਣਾ ਕੰਮਕਾਜ ਕਰਵਾਉਣ ਲਈ ਆਉਂਦੇ ਹਨ, ਪਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਲੋਕਾਂ ਨੂੰ ਇਸ ਦਾ ਖਮਿਆਜਾ ਭੁਗਤਣ ਲਈ ਮਜਬੂਰ ਹੋਣਾ ਪਿਆ। ਸੇਵਾ ਕੇਂਦਰ ’ਚ ਆਪਣਾ ਕੰਮਕਾਜ ਕਰਵਾਉਣ ਲਈ ਪੁੱਜੇ ਲੋਕਾਂ ਹਰਿੰਦਰ ਸਿੰਘ, ਨਿਰਭੈ ਸਿੰਘ, ਨਛੱਤਰ ਸਿੰਘ ਆਦਿ ਨੇ ਕਿਹਾ ਕਿ ਉਹ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਲਈ ਆਏ ਸਨ ਪਰ ਹੜ੍ਹਤਾਲ ਕਾਰਨ ਉਨ੍ਹਾਂ ਨੂੰ ਵਾਪਸ ਮੁੜ੍ਹਨ ਲਈ ਮਜਬੂਰ ਹੋਣਾ ਪਿਆ।