ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਬਿੱਟੂ ਜਲੂਰ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਬਿੱਟੂ ਜਲੂਰ
Publish Date: Mon, 12 Oct 2026 04:41 PM (IST)
Updated Date: Tue, 13 Oct 2026 04:03 AM (IST)
ਨਵਦੀਪ ਸਿੰਘ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਦਿਨੀਂ ਪਏ ਤੇਜ਼ ਮੀਂਹ ਤੇ ਗੜੇਮਾਰੀ ਕਾਰਨ ਕਈ ਪਿੰਡਾਂ ’ਚ ਝੋਨੇ ਦੀ ਪੱਕੀ ਫ਼ਸਲ ਖੇਤਾਂ ’ਚ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਬਲਦੇਵ ਸਿੰਘ ਬਿੱਟੂ ਜਲੂਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਬਲਦੇਵ ਸਿੰਘ ਬਿੱਟੂ ਜਲੂਰ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ’ਚ ਹੋਏ ਵਾਧੇ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਨੇ ਮਹਿੰਗੇ ਭਾਅ ਦੇ ਬੀਜ, ਖਾਦਾਂ, ਕੀਟਨਾਸ਼ਕਾਂ ਤੇ ਡੀਜਲ ਦੀ ਵਰਤੋਂ ਕਰਕੇ ਆਪਣੀਆਂ ਫ਼ਸਲਾਂ ਪਾਲੀਆਂ ਹਨ। ਹੁਣ ਜਦੋਂ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਣ ਵਾਲੀ ਸੀ ਤਾਂ ਤੇਜ਼ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਖੇਤਾਂ ’ਚ ਵਿਛ ਜਾਣ ਕਾਰਨ ਝੋਨੇ ਦੀ ਪੈਦਾਵਾਰ ਅਤੇ ਗੁਣਵੱਤਾ ’ਤੇ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ। ਇਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ ਤੇ ਉਨ੍ਹਾਂ ਲਈ ਆਪਣੀਆਂ ਖੇਤੀ ਲਾਗਤਾਂ ਪੂਰੀਆਂ ਕਰਨੀਆਂ ਵੀ ਮੁਸ਼ਕਲ ਹੋ ਜਾਣਗੀਆਂ। ਬਿੱਟੂ ਜਲੂਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਪਿੰਡਾਂ ’ਚ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਤੇ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਔਖੀ ਘੜੀ ’ਚ ਸਹਾਇਤਾ ਦੀ ਲੋੜ ਹੈ ਤੇ ਸਰਕਾਰ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।