ਮਹਿਲ ਕਲਾਂ ਦੇ ਪਿੰਡਾਂ ਨੂੰ 60 ਦਿਨਾਂ ’ਚ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ ਮਹਿਲ ਕਲਾਂ ਦੇ ਪਿੰਡਾਂ ਨੂੰ 60 ਦਿਨਾਂ ’ਚ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ
Publish Date: Tue, 13 Oct 2026 04:39 PM (IST)
Updated Date: Wed, 14 Oct 2026 04:04 AM (IST)
:: 45 ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਲਗਾਈਆਂ ਡਿਊਟੀਆਂ, ਕੁਤਾਹੀ ਵਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਡਿਵੀਜ਼ਨ ਮਹਿਲ ਕਲਾਂ ਦੇ ਪਿੰਡਾਂ ਨੂੰ ਆਉਂਦੇ 60 ਦਿਨਾਂ ’ਚ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਮਹਿਲ ਕਲਾਂ ਵਿਖੇ ਐਸਡੀਐਮ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਤੇ ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ 45 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਰਣਨੀਤੀ ਉਲੀਕੀ ਗਈ। ਇਸ ਮੌਕੇ ਐੱਸਡੀਐੱਮ ਬੇਅੰਤ ਸਿੰਘ ਸਿੱਧੂ ਤੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵੱਲੋਂ ਇਸ ਮੁਹਿੰਮ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਮੁਹਿੰਮ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ, ਲਾਪਰਵਾਹੀ ਜਾਂ ਡਿਊਟੀ ਪ੍ਰਤੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਤੇ ਜਵਾਬਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫ਼ਲ ਬਣਾਉਣ ਲਈ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮੁੱਚੇ ਸਮਾਜ ਦਾ ਸਹਿਯੋਗ ਜ਼ਰੂਰੀ ਹੈ। ਇਸ ਮੁਹਿੰਮ ’ਚ ਪਿੰਡਾਂ ਦੀਆਂ ਪੰਚਾਇਤਾਂ, ਖੇਡ ਕਲੱਬਾਂ, ਨੰਬਰਦਾਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਪਿੰਡਾਂ ’ਚ ਨਸ਼ਿਆਂ ਦੀ ਵਰਤੋਂ ਤੇ ਨਸ਼ਾ ਤਸਕਰੀ ਨਾਲ ਜੁੜੀਆਂ ਥਾਵਾਂ ਦੀ ਸ਼ਨਾਖਤ ਕੀਤੀ ਜਾਵੇਗੀ। ਖੰਡਰ ਇਮਾਰਤਾਂ, ਖਾਲੀ ਪਲਾਟਾਂ, ਬੇਆਬਾਦ ਥਾਵਾਂ, ਪਾਰਕਾਂ, ਖੇਡ ਮੈਦਾਨਾਂ, ਸ਼ਮਸ਼ਾਨਘਾਟਾਂ ਤੇ ਹੋਰ ਅਜਿਹੀਆਂ ਥਾਵਾਂ ਦਾ ਜਾਇਜ਼ਾ ਲਿਆ ਜਾਵੇਗਾ, ਜਿੱਥੇ ਨਸ਼ਿਆਂ ਦੀ ਵਰਤੋਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਵਿਕਰੀ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਪੁਲਿਸ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੀਆਂ ਹੋਰ ਜ਼ਿੰਮੇਵਾਰ ਸ਼ਖ਼ਸੀਅਤਾਂ ਦਾ ਸਹਿਯੋਗ ਲਿਆ ਜਾਵੇਗਾ। ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਇਲਾਜ ਤੇ ਮੁੜ ਵਸੇਬੇ ਵੱਲ ਪ੍ਰੇਰਿਤ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੋਵੇਗਾ। ਇਸ ਮੌਕੇ ਬੀਡੀਪੀਓ ਮਹਿਲ ਕਲਾਂ ਰਜਿੰਦਰ ਸਿੰਘ, ਸੀਨੀਅਰ ਅਧਿਕਾਰੀ ਬੀਨੂ ਗੋਪਾਲ, ਥਾਣਾ ਮਹਿਲ ਕਲਾਂ ਦੇ ਏਐਸਆਈ ਮਨਜਿੰਦਰ ਸਿੰਘ, ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ, ਤਹਿਸੀਲ ਮਹਿਲ ਕਲਾਂ ਦੇ ਆਰਸੀ ਕਰਨਵੀਰ ਸਿੰਘ, ਯੂਨੀਅਨ ਸਹਾਇਕ ਮਨਜੀਤ ਸਿੰਘ, ਏਐਸਆਈ ਜਗਰੂਪ ਸਿੰਘ, ਡੀਐਸਪੀ ਤੇ ਰੀਡਰ ਗੁਰਦੀਪ ਸਿੰਘ ਛੀਨੀਵਾਲ ਕਲਾਂ ਹਾਜ਼ਰ ਸਨ ।